ਫ਼ਿਰੋਜ਼ਪੁਰ, 7 ਅਪ੍ਰੈਲ (ਗੁਰਿੰਦਰ ਸਿੰਘ)- ਵਿਸ਼ਵ ਸਿਹਤ ਦਿਵਸ ਦੇ ਮੌਕੇ 'ਤੇ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ, ਸੋਢੇ ਵਾਲਾ (ਫ਼ਿਰੋਜ਼ਪੁਰ) ਵਿਖੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਲੋਕਾਂ ਨੂੰ ਸਿਹਤ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਸਿਹਤਮੰਦ ਜੀਵਨ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ | ਇਸ ਮੌਕੇ ਚੇਅਰਮੈਨ ਧਰਮਪਾਲ ਬਾਂਸਲ ਨੇ ਕਿਹਾ ਕਿ ਨਰਸਿੰਗ ਵਿਦਿਆਰਥੀਆਂ ਦੀ ਜ਼ਿੰਮੇਵਾਰੀ ਸਿਰਫ਼ ਹਸਪਤਾਲਾਂ ਤੱਕ ਸਿਮਤ ਨਹੀਂ ਰਹਿੰਦੀ, ਸਗੋਂ ਸਮਾਜ ਵਿਚ ਸਿਹਤ ਸਬੰਧੀ ਜਾਗਰੂਕਤਾ ਫੈਲਾਉਣਾ ਵੀ ਉਨ੍ਹਾਂ ਦਾ ਫ਼ਰਜ਼ ਹੈ | ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਲੋਕਾਂ ਨੂੰ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਦੇ ਹਨ | ਪ੍ਰੋਗਰਾਮ ਦੌਰਾਨ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ | ਨਰਸਿੰਗ ਵਿਦਿਆਰਥੀਆਂ ਵਲੋਂ ਡੋਰ-ਟੂ-ਡੋਰ ਮੁਹਿੰਮ ਚਲਾਈ ਗਈ, ਜਿਸ ਤਹਿਤ ਘਰ-ਘਰ ਜਾ ਕੇ ਲੋਕਾਂ ਨੂੰ ਸਿਹਤ ਸਬੰਧੀ ਜ਼ਰੂਰੀ ਜਾਣਕਾਰੀ ਦਿੱਤੀ ਗਈ | ਵਿਦਿਆਰਥੀਆਂ ਨੇ ਚਾਰਟ ਅਤੇ ਪੋਸਟਰਾਂ ਰਾਹੀਂ ਸੰਤੁਲਿਤ ਆਹਾਰ, ਸਾਫ਼-ਸਫਾਈ ਅਤੇ ਨਿਯਮਿਤ ਕਸਰਤ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ |ਉਨ੍ਹਾਂ ਜ਼ੋਰ ਦਿੱਤਾ ਕਿ ਜੰਕ ਫੂਡ ਤੋਂ ਦੂਰ ਰਹਿਣਾ, ਹਰੀ ਸਬਜ਼ੀਆਂ ਅਤੇ ਫਲਾਂ ਦਾ ਸੇਵਨ ਕਰਨਾ, ਯੋਗਾ ਅਤੇ ਰੋਜ਼ਾਨਾ ਕਸਰਤ ਨੂੰ ਜੀਵਨ ਦਾ ਹਿੱਸਾ ਬਣਾਉਣਾ ਬਹੁਤ ਜ਼ਰੂਰੀ ਹੈ | ਇਸ ਦੇ ਨਾਲ ਹੀ ਸਾਫ਼ ਪਾਣੀ ਪੀਣ ਅਤੇ ਨਿੱਜੀ ਸਫ਼ਾਈ ਨੂੰ ਅਪਣਾਉਣ ਦੀ ਵੀ ਅਪੀਲ ਕੀਤੀ ਗਈ | ਇਸ ਜਾਗਰੂਕਤਾ ਮੁਹਿੰਮ ਨੂੰ ਲੋਕਾਂ ਵਲੋਂ ਚੰਗਾ ਹੁੰਗਾਰਾ ਮਿਲਿਆ | ਕਈ ਲੋਕਾਂ ਨੇ ਮੰਨਿਆ ਕਿ ਦੌੜ-ਭੱਜ ਭਰੀ ਜ਼ਿੰਦਗੀ ਵਿਚ ਉਹ ਸਿਹਤ ਵੱਲ ਘੱਟ ਧਿਆਨ ਦੇ ਰਹੇ ਹਨ ਪਰ ਅਜਿਹੀਆਂ ਮੁਹਿੰਮਾਂ ਉਨ੍ਹਾਂ ਨੂੰ ਆਪਣੀ ਜੀਵਨ ਸ਼ੈਲੀ ਸੁਧਾਰਨ ਲਈ ਪ੍ਰੇਰਿਤ ਕਰਦੀਆਂ ਹਨ | ਅੰਤ ਵਿਚ ਕਾਲਜ ਪ੍ਰਬੰਧਕਾਂ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਸਮਾਜ ਵਿਚ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਲਈ ਮਹੱਤਵਪੂਰਨ ਸਾਬਤ ਹੁੰਦੇ ਹਨ | ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋਇਆ ਅਤੇ ਸਾਰੇ ਸਟਾਫ਼ ਦਾ ਇਸ ਵਿਚ ਸਰਾਹਣਯੋਗ ਯੋਗਦਾਨ ਰਿਹਾ |