ਫ਼ਿਰੋਜ਼ਪੁਰ, 7 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਦਖ਼ਲਅੰਦਾਜ਼ੀ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਹੀ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪਰਿਸ਼ਦ ਦਫ਼ਤਰ ਵਿਚ ਸਥਿਤ ਸਵਿਮਿੰਗ ਪੂਲ ਨੂੰ ਖੋਲ੍ਹ ਦਿੱਤਾ ਗਿਆ ਹੈ ਅਤੇ ਇਸ ਦੀ ਸਫ਼ਾਈ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ | ਇਹ ਕਦਮ ਉਸ ਵੇਲੇ ਚੁੱਕਿਆ ਗਿਆ ਜਦੋਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾ ਨੇ ਸਾਥੀਆਂ ਸਮੇਤ ਮੌਕੇ 'ਤੇ ਪਹੁੰਚ ਕੇ ਬੱਚਿਆਂ ਦੇ ਹੱਕ ਵਿਚ ਆਵਾਜ਼ ਉਠਾਈ ਅਤੇ ਪ੍ਰਸ਼ਾਸਨ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ | ਇਸ ਮੌਕੇ ਸਵਿਮਿੰਗ ਪੂਲ ਕੋਲ ਇਕੱਠੇ ਹੋਏ ਆਗੂਆਂ ਨੇ ਹੱਥਾਂ ਵਿਚ ਟਰਾਫ਼ੀਆਂ ਫੜ ਕੇ ਬੱਚਿਆਂ ਦੀ ਪ੍ਰਾਪਤੀ ਨੂੰ ਉਭਾਰਿਆ | ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਦੇ ਬੱਚਿਆਂ ਨੇ ਇਸੇ ਸਵਿਮਿੰਗ ਪੂਲ ਵਿਚ ਤਿਆਰੀ ਕਰਕੇ ਪਿਛਲੇ ਸਾਲ ਪੰਜਾਬ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਰਾਫ਼ੀਆਂ ਜਿੱਤੀਆਂ ਸਨ | ਇਹ ਸਵਿਮਿੰਗ ਪੂਲ ਸਿਰਫ਼ ਇਕ ਖੇਡ ਮੈਦਾਨ ਨਹੀਂ, ਸਗੋਂ ਬੱਚਿਆਂ ਦੇ ਸੁਪਨਿਆਂ ਅਤੇ ਭਵਿੱਖ ਨਾਲ ਜੁੜਿਆ ਹੋਇਆ ਕੇਂਦਰ ਹੈ | ਇੱਥੇ ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪਰਿਸ਼ਦ ਦਫ਼ਤਰ ਵਿਚ ਬਣੇ ਇਸ ਸਵਿਮਿੰਗ ਪੂਲ ਵਿਚ ਬਕਾਇਆ ਕੋਚ ਸਾਹਿਬਾਨ ਵਲੋਂ ਬੱਚਿਆਂ ਨੂੰ ਤੈਰਾਕੀ ਦੀ ਟਰੇਨਿੰਗ ਦਿੱਤੀ ਜਾਂਦੀ ਹੈ ਅਤੇ ਵੱਡੀ ਗਿਣਤੀ ਵਿਚ ਬੱਚੇ ਇੱਥੇ ਆਪਣੀ ਤਿਆਰੀ ਕਰਦੇ ਹਨ | ਹਾਲਾਂਕਿ ਬੱਚਿਆਂ ਦੇ ਮਾਪਿਆਂ ਵਲੋਂ ਵਾਰ-ਵਾਰ ਬੇਨਤੀਆਂ ਕਰਨ ਤੇ ਵੀ ਏ.ਡੀ.ਸੀ ਵਿਕਾਸ ਵਲੋਂ 15 ਅਪ੍ਰੈਲ ਤੱਕ ਪੂਲ ਨਾ ਖੋਲ੍ਹਣ ਦੀ ਗੱਲ ਕਹੀ ਜਾ ਰਹੀ ਸੀ, ਜਿਸ ਕਾਰਨ ਮਾਪਿਆਂ ਅਤੇ ਬੱਚਿਆਂ ਵਿਚ ਨਿਰਾਸ਼ਾ ਪਾਈ ਜਾ ਰਹੀ ਸੀ | ਇਸ ਸਥਿਤੀ ਨੂੰ ਦੇਖਦੇ ਹੋਏ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾ ਆਪਣੇ ਸਾਥੀਆਂ ਸਮੇਤ ਮੌਕੇ 'ਤੇ ਪਹੁੰਚੇ ਅਤੇ ਇਕ ਵੀਡੀਓ ਜਾਰੀ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਕਿ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿਚ ਰੱਖਦਿਆਂ ਬਿਨਾਂ ਦੇਰੀ ਸਵਿਮਿੰਗ ਪੂਲ ਖੋਲਿ੍ਹਆ ਜਾਵੇ | ਯੂਨੀਅਨ ਦੀ ਇਸ ਕਾਰਵਾਈ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਤੁਰੰਤ ਪ੍ਰਭਾਵ ਨਾਲ ਸਵਿਮਿੰਗ ਪੂਲ ਖੋਲ੍ਹ ਦਿੱਤਾ ਅਤੇ ਸਫ਼ਾਈ ਦਾ ਕੰਮ ਸ਼ੁਰੂ ਕਰ ਦਿੱਤਾ | ਇਸ ਮੌਕੇ ਆਗੂਆਂ ਨੇ ਕਿਹਾ ਕਿ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਸਿਰਫ਼ ਕਿਸਾਨੀ ਮੁੱਦਿਆਂ ਤੱਕ ਸੀਮਿਤ ਨਹੀਂ ਸਗੋਂ ਆਮ ਲੋਕਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਲਈ ਵੀ ਹਮੇਸ਼ਾ ਅੱਗੇ ਰਹੇਗੀ | ਇਸ ਮੌਕੇ ਉਨ੍ਹਾਂ ਨਾਲ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜਰਨਲ ਸਕੱਤਰ ਅਵਤਾਰ ਸਿੰਘ ਮਹਿਮਾ, ਕਿਸਾਨ ਸਟੂਡੈਂਟ ਯੂਨੀਅਨ ਦੇ ਪ੍ਰਧਾਨ ਜਗਰੂਪ ਸਿੰਘ ਭੁੱਲਰ ਅਤੇ ਵੱਡੀ ਗਿਣਤੀ ਵਿਚ ਬੱਚਿਆਂ ਦੇ ਮਾਪੇ ਹਾਜ਼ਰ ਸਨ |