ਫ਼ਿਰੋਜ਼ਪੁਰ, 8 ਅਪ੍ਰੈਲ (ਗੁਰਿੰਦਰ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਝੋਕ ਹਰੀਹਰ ਵਿਖੇ ਸਾਲਾਨਾ ਨਤੀਜਾ ਸਮਾਗਮ ਬਹੁਤ ਹੀ ਸ਼ਾਨੋ-ਸ਼ੌਕਤ ਨਾਲ ਆਯੋਜਿਤ ਕੀਤਾ ਗਿਆ | ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਵਿਧਾਇਕ ਐਡਵੋਕੇਟ ਰਜਨੀਸ਼ ਦਯੀਆ ਨੇ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸੁਨੀਤਾ ਰਾਣੀ, ਉਪ ਜ਼ਿਲ੍ਹਾ ਸਿੱਖਿਆ ਅਫਸਰ ਕੋਮਲ ਅਰੋੜਾ, ਬੀ.ਪੀ.ਈ.ਓ ਸੁਮਨਦੀਪ ਕੌਰ ਅਤੇ ਡੀ.ਆਰ.ਸੀ ਸੁਭਾਸ਼ ਚੰਦਰ ਵੀ ਹਾਜ਼ਰ ਸਨ | ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਪੇਸ਼ ਕੀਤੀਆਂ ਰੰਗਾਰੰਗ ਸਭਿਆਚਾਰਕ ਪ੍ਰਸਤੁਤੀਆਂ ਨਾਲ ਹੋਈ | ਬੱਚਿਆਂ ਨੇ ਭੰਗੜਾ, ਗਿੱਧਾ ਅਤੇ ਕੋਰੀਓਗ੍ਰਾਫੀ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ ਨੂੰ ਦਰਸ਼ਕਾਂ ਵਲੋਂ ਖ਼ੂਬ ਸਰਾਹਿਆ ਗਿਆ | ਇਸ ਮੌਕੇ ਸਾਲਾਨਾ ਨਤੀਜੇ ਦਾ ਐਲਾਨ ਕੀਤਾ ਗਿਆ ਅਤੇ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ | ਖਾਸ ਤੌਰ 'ਤੇ ਜਵਾਹਰ ਨਵੋਦਿਆ ਵਿਦਿਆਲਿਆ ਲਈ ਚੁਣੀ ਗਈ ਵਿਦਿਆਰਥਣ ਸਹਿਜਪ੍ਰੀਤ ਕੌਰ ਨੂੰ ਵਿਸ਼ੇਸ਼ ਸਨਮਾਨ ਦਿੱਤਾ ਗਿਆ | ਆਪਣੇ ਸੰਬੋਧਨ ਵਿਚ ਵਿਧਾਇਕ ਰਜਨੀਸ਼ ਦਯੀਆ ਨੇ ਸਕੂਲ ਦੀ ਟੀਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਰਕਾਰੀ ਸਕੂਲ ਸਿੱਖਿਆ ਦੇ ਮਿਆਰ ਨੂੰ ਲਗਾਤਾਰ ਉਚਾਈਆਂ 'ਤੇ ਲੈ ਕੇ ਜਾ ਰਹੇ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਨ ਲਾ ਕੇ ਪੜ੍ਹਨ ਅਤੇ ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਸਕੂਲ ਮੁਖੀ ਸੀ.ਐੱਚ.ਟੀ ਪੂਜਾ ਅਰੋੜਾ ਅਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ | ਇਸ ਦੌਰਾਨ ਡੀ.ਈ.ਓ ਸੁਨੀਤਾ ਰਾਣੀ ਨੇ ਅਧਿਆਪਕਾਂ ਦੀ ਮਿਹਨਤ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ, ਜਦਕਿ ਬੀ.ਪੀ.ਈ.ਓ ਸੁਮਨਦੀਪ ਕੌਰ ਨੇ ਕਿਹਾ ਕਿ ਇਹ ਸਕੂਲ ਬਲਾਕ ਦੇ ਮੋਹਰੀ ਸਕੂਲਾਂ ਵਿਚੋਂ ਇਕ ਹੈ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰ ਰਿਹਾ ਹੈ | ਸਮਾਗਮ ਵਿਚ ਬੱਚਿਆਂ ਦੇ ਮਾਪਿਆਂ ਅਤੇ ਪਿੰਡ ਵਾਸੀਆਂ ਦੀ ਵੱਡੀ ਗਿਣਤੀ ਵਿਚ ਹਾਜ਼ਰੀ ਨੇ ਸਕੂਲ ਅਤੇ ਸਮਾਜ ਵਿਚਕਾਰ ਮਜ਼ਬੂਤ ਰਿਸ਼ਤੇ ਦਰਸਾਏ | ਅੰਤ ਵਿਚ ਸਕੂਲ ਮੁਖੀ ਪੂਜਾ ਅਰੋੜਾ ਨੇ ਸਾਰੇ ਮਹਿਮਾਨਾਂ, ਮਾਪਿਆਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਫਲਤਾ ਸਮੂਹ ਸਟਾਫ ਦੀ ਮਿਲੀਭੁਗਤ ਮਿਹਨਤ ਦਾ ਨਤੀਜਾ ਹੈ | ਇਸ ਮੌਕੇ ਸਰਪੰਚ ਅਮਰਜੀਤ ਕੌਰ, ਭਜਨ ਸਿੰਘ, ਸਰਬਜੀਤ ਸਿੰਘ ਗੁਰਪ੍ਰੀਤ ਸਿੰਘ ਅਤੇ ਸਾਰੇ ਪੰਚਾਇਤ ਮੈਂਬਰਾਂ ਅਤੇ ਝੋਕ ਹਰੀਹਰ ਪਿੰਡ ਦੇ ਪਤਵੰਤੇ ਸੱਜਣਾਂ, ਐਸ.ਐਮ.ਸੀ ਕਮੇਟੀ ਦੇ ਚੇਅਰਮੈਨ ਚਰਨਜੀਤ ਕੌਰ, ਗਗਨਦੀਪ ਸਿੰਘ, ਸਮੂਹ ਕਮੇਟੀ ਮੈਂਬਰ, ਵੱਖ-ਵੱਖ ਬਲਾਕਾਂ ਤੋ ਆਏ ਅਧਿਆਪਕ ਅਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ |