ਪੰਜਾਬ ਰੋਡਵੇਜ਼ ਮੁਲਾਜ਼ਮਾਂ ਵਲੋਂ ਫਿਰੋਜ਼ਪੁਰ ਡਿਪੂ ਬੰਦ ਕਰਕੇ ਕੀਤਾ ਰੋਸ ਪ੍ਰਦਰਸ਼ਨ
ਅਜੀਤ ਡੈਸਕ
11-04-2026
ਫ਼ਿਰੋਜ਼ਪੁਰ, 10 ਅਪ੍ਰੈਲ(ਗੁਰਿੰਦਰ ਸਿੰਘ)-ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵਲੋਂ ਅੱਜ ਸ਼ਾਮ ਫਿਰੋਜ਼ਪੁਰ ਡਿਪੂ ਨੂੰ ਪੂਰੀ ਤਰ੍ਹਾਂ ਬੰਦ ਕਰਕੇ ਮੈਨੇਜਮੈਂਟ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ | ਰੋਸ ਪ੍ਰਦਰਸ਼ਨ ਦੌਰਾਨ ਫਿਰੋਜ਼ਪੁਰ ਡਿਪੂ ਤੋਂ ਚੱਲਣ ਵਾਲੀਆਂ ਬੱਸਾਂ ਪ੍ਰਭਾਵਿਤ ਰਹੀਆਂ ਜਿਸ ਨਾਲ ਯਾਤਰੀਆਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਮੁਲਾਜ਼ਮ ਆਗੂਆਂ ਨੇ ਦੋਸ਼ ਲਾਇਆ ਕਿ ਫਿਰੋਜ਼ਪੁਰ-ਫ਼ਾਜ਼ਿਲਕਾ ਰੂਟ, ਜੋ ਕਿ ਪੰਜਾਬ ਰੋਡਵੇਜ਼ ਦਾ ਮਨੋਪਲੀ ਰੂਟ ਹੈ, 'ਤੇ ਨਾਜਾਇਜ਼ ਤੌਰ 'ਤੇ ਪ੍ਰਾਈਵੇਟ ਬੱਸਾਂ ਚਲਾਈਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਦਰਵੇਸ਼ ਟਰਾਂਸਪੋਰਟ ਕੰਪਨੀ ਦੀਆਂ ਬੱਸਾਂ ਇਸ ਰੂਟ 'ਤੇ ਬਿਨਾਂ ਕਿਸੇ ਕਾਨੂੰਨੀ ਮਨਜ਼ੂਰੀ ਦੇ ਦੌੜ ਰਹੀਆਂ ਹਨ ਜਿਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਵੱਡਾ ਨੁਕਸਾਨ ਪਹੁੰਚ ਰਿਹਾ ਹੈ | ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਵਲੋਂ ਇਸ ਕੰਪਨੀ ਦੀ ਇਕ ਬੱਸ ਨੂੰ ਰੋਕ ਕੇ ਇਸ ਮਾਮਲੇ ਦੀ ਜਾਣਕਾਰੀ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਫਿਰੋਜ਼ਪੁਰ ਨੂੰ ਦਿੱਤੀ ਗਈ ਸੀ | ਉਨ੍ਹਾਂ ਕਿਹਾ ਕਿ ਬੱਸ ਦੇ ਡਰਾਈਵਰ ਅਤੇ ਕੰਡਕਟਰ ਨੇ ਬੱਸ ਨੂੰ ਡਿਪੂ ਅੰਦਰ ਖੜ੍ਹਾ ਕਰ ਦਿੱਤਾ ਸੀ, ਤਾਂ ਜੋ ਇਸ 'ਤੇ ਬਣਦੀ ਕਾਰਵਾਈ ਕੀਤੀ ਜਾ ਸਕੇ ਪ੍ਰੰਤੂ ਜਨਰਲ ਮੈਨੇਜਰ ਵਲੋਂ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਕਰਨ ਦੀ ਬਜਾਏ ਆਰ.ਟੀ.ਓ. ਨੂੰ ਲਿਖਤੀ ਜਾਣਕਾਰੀ ਭੇਜ ਕੇ ਉਕਤ ਨਾਜਾਇਜ਼ ਬੱਸ ਨੂੰ ਬੌਂਡ ਕਰਨ ਦੀ ਬਜਾਏ ਉਲਟਾ ਮੁਲਾਜ਼ਮਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਮੁਲਾਜ਼ਮਾਂ ਦਾ ਕਹਿਣਾ ਹੈ ਕਿ ਇਸ ਸਾਰੇ ਮਾਮਲੇ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਮੈਨੇਜਮੈਂਟ ਪ੍ਰਾਈਵੇਟ ਬੱਸ ਮਾਲਕਾਂ ਨਾਲ ਮਿਲੀਭੁਗਤ ਕਰਕੇ ਪੰਜਾਬ ਰੋਡਵੇਜ਼ ਨੂੰ ਨੁਕਸਾਨ ਪਹੁੰਚਾ ਰਹੀ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਹੀ ਇਸ ਮਾਮਲੇ 'ਚ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ |