ਫ਼ਿਰੋਜ਼ਪੁਰ, 14 ਅਪ੍ਰੈਲ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਮੰਡਲ ਵਲ਼ੋਂ ਮਿਤੀ 13 ਅਪ੍ਰੈਲ 2026 ਨੂੰ ਲੁਧਿਆਣਾ ਸਥਿਤ ਕਿ੍ਸਚੀਅਨ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ 'ਰੇਲਵਨ' ਐਪ ਦੇ ਪ੍ਰਚਾਰ-ਪ੍ਰਸਾਰ ਦੇ ਤਹਿਤ ਇਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ | ਇਸ ਮੁਹਿੰਮ ਦੇ ਅੰਤਰਗਤ ਹਸਪਤਾਲ ਦੇ ਡਾਕਟਰਾਂ, ਨਰਸਿੰਗ ਸਟਾਫ਼, ਹੋਰ ਕਰਮਚਾਰੀਆਂ ਅਤੇ ਮਰੀਜ਼ਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਰੇਲਵੇ ਐਪ ਦੀ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਪ੍ਰੋਗਰਾਮ ਦੌਰਾਨ ਐਪ ਦਾ ਲਾਈਵ ਡੈਮੋਨਸਟਰੇਸ਼ਨ (ਪ੍ਰਦਰਸ਼ਨ) ਵੀ ਪੇਸ਼ ਕੀਤਾ ਗਿਆ | ਜਿਸ ਨਾਲ ਹਾਜ਼ਰ ਲੋਕਾਂ ਨੂੰ ਇਸ ਦੀ ਕਾਰਜਪ੍ਰਣਾਲੀ ਨੂੰ ਸਮਝਣ ਵਿਚ ਕਾਫ਼ੀ ਮਦਦ ਮਿਲੀ | ਸੀਨੀਅਰ ਮੰਡਲ ਵਪਾਰਕ ਪ੍ਰਬੰਧਕ ਪਰਮਦੀਪ ਸਿੰਘ ਸੈਣੀ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਵੱਧ ਤੋਂ ਵੱਧ ਲੋਕਾਂ ਨੂੰ ਰੇਲਵੇ ਐਪ ਦੀ ਵਰਤੋਂ ਪ੍ਰਤੀ ਜਾਗਰੂਕ ਕਰਨਾ ਅਤੇ ਰੇਲ ਯਾਤਰੀਆਂ ਨੂੰ ਡਿਜੀਟਲ ਸੇਵਾਵਾਂ ਦਾ ਲਾਭ ਆਸਾਨੀ ਨਾਲ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨਾ ਹੈ |