ਫਿਰੋਜ਼ਪੁਰ, 17 ਅਪ੍ਰੈਲ(ਸੁਖਵਿੰਦਰ ਸਿੰਘ)-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਆਗਾਮੀ ਮਾਨਸੂਨ ਸੀਜ਼ਨ ਦੌਰਾਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਬਾਰੇ ਹੋਈ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਗਾਊਾ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਸੰਭਾਵਿਤ ਹੜ੍ਹਾਂ ਦਾ ਸਾਹਮਣਾ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ ਵੀ ਮੌਜੂਦ ਸਨ | ਇਸ ਮੌਕੇ ਉਨ੍ਹਾਂ ਸਮੂਹ ਐਸ.ਡੀ.ਐਮ. ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਹੜ੍ਹਾਂ ਦੌਰਾਨ ਨਾਜ਼ੁਕ ਸਥਿਤੀ ਵਾਲੇ ਪਿੰਡਾਂ ਦਾ ਪਹਿਲਾਂ ਤੋਂ ਹੀ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲੈ ਲਿਆ ਜਾਵੇ ਅਤੇ ਬੰਨ੍ਹਾਂ, ਨੋਚਾਂ, ਪੁਲਾਂ, ਰਸਤਿਆਂ ਆਦਿ ਨੂੰ ਪਹਿਲਾਂ ਤੋਂ ਹੀ ਮਜ਼ਬੂਤ ਕਰ ਲਿਆ ਜਾਵੇ | ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਰੇਤਾ ਦੇ ਗੱਟੇ, ਕਿਸ਼ਤੀਆਂ, ਲਾਈਫ਼ ਜੈਕਟਾਂ, ਫਲੱਡ ਲਾਈਟਾਂ, ਸਰਚ ਲਾਈਟਾਂ, ਮੈਡੀਕਲ ਜ਼ਰੂਰਤਾਂ ਆਦਿ ਸਮਾਨ ਦੀ ਪਹਿਲਾਂ ਤੋਂ ਹੀ ਜਾਂਚ ਕਰ ਲਈ ਜਾਵੇ ਅਤੇ ਜੇਕਰ ਕਿਸੇ ਸਮਾਨ ਨੂੰ ਰਿਪੇਅਰ ਦੀ ਲੋੜ ਹੈ, ਤਾਂ ਤੁਰੰਤ ਠੀਕ ਕਰਵਾਇਆ ਜਾਵੇ | ਇਸ ਤੋਂ ਇਲਾਵਾ ਮਾਨਸੂਨ ਤੋਂ ਪਹਿਲਾਂ ਡਰੇਨੇਜ ਅਤੇ ਸੀਵਰੇਜ ਦੀ ਸਫ਼ਾਈ ਵੀ ਯਕੀਨੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਪ੍ਰਬੰਧਾਂ ਪੱਖੋਂ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਲਈ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਸਮੇਂ ਸਿਰ ਮੁਕੰਮਲ ਕਰ ਲਿਆ ਜਾਵੇ | ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰ 'ਤੇ ਅਤੇ ਸਬ-ਡਵੀਜ਼ਨ ਪੱਧਰ 'ਤੇ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਜਾਣ ਜਿਸ ਲਈ ਸਬੰਧਤ ਸਟਾਫ਼ ਦੀ ਡਿਊਟੀ ਲਗਾਈ ਜਾਵੇ | ਉਨ੍ਹਾਂ ਸਿਹਤ ਵਿਭਾਗ, ਪਸ਼ੂ ਪਾਲਣ ਵਿਭਾਗ ਅਤੇ ਖੇਤੀਬਾੜੀ ਆਦਿ ਵਿਭਾਗਾਂ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਸਬੰਧੀ ਉਚਿੱਤ ਪ੍ਰਬੰਧ ਪਹਿਲਾਂ ਤੋਂ ਹੀ ਯਕੀਨੀ ਬਣਾਉਣ ਲਈ ਵੀ ਕਿਹਾ | ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸੰਭਾਵੀ ਹੜ੍ਹਾਂ ਸਬੰਧੀ ਪੂਰੀ ਗੰਭੀਰਤਾ ਨਾਲ ਅਗੇਤੇ ਪ੍ਰਬੰਧ ਯਕੀਨੀ ਬਣਾਏ ਜਾਣ, ਤਾਂ ਜੋ ਜੇਕਰ ਹੜ੍ਹਾਂ ਵਰਗੇ ਹਾਲਾਤ ਬਣਨ ਤਾਂ ਸਮੇਂ ਸਿਰ ਨਜਿੱਠਿਆ ਜਾ ਸਕੇ | ਮੀਟਿੰਗ ਵਿਚ ਆਰ.ਟੀ.ਏ. ਤੁਸ਼ਿਤਾ ਗੁਲ੍ਹਾਟੀ, ਐਸ.ਡੀ.ਐਮ. ਫ਼ਿਰੋਜ਼ਪੁਰ ਅਭਿਸ਼ੇਕ ਸ਼ਰਮਾ, ਐਸ.ਡੀ.ਐਮ. ਗੁਰੂਹਰਸਹਾਏ ਬੇਅੰਤ ਸਿੰਘ ਸਿੱਧੂ, ਐਸ.ਡੀ.ਐਮ. ਜ਼ੀਰਾ ਅਰਵਿੰਦਰ ਪਾਲ ਸਿੰਘ, ਡੀ.ਡੀ.ਪੀ.ਓ. ਨਰਭਿੰਦਰ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਆਦਿ ਵੀ ਹਾਜ਼ਰ ਸਨ |