ਫ਼ਿਰੋਜ਼ਪੁਰ, 17 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਹਲਕਾ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਹਲਕੇ ਦੀਆਂ ਦਾਣਾ ਮੰਡੀਆਂ ਪਿੰਡ ਖਾਈ ਫੇਮੇ ਕੀ, ਮਹਾਲਮ ਅਤੇ ਬਸਤੀ ਵਕੀਲਾਂ ਵਾਲੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਦਾ ਰਸਮੀ ਤੌਰ 'ਤੇ ਸ਼ੁਰੂਆਤ ਕੀਤੀ ਗਈ | ਇਸ ਦੌਰਾਨ ਉਨ੍ਹਾਂ ਮੰਡੀ ਵਿਚ ਹਾਜ਼ਰ ਕੁਝ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਫਸਲ ਵੇਚਣ ਵਿਚ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਤੁਰੰਤ ਉਨ੍ਹਾਂ ਦੇ ਧਿਆਨ ਵਿਚ ਲਿਆਉਣ ਤਾਂ ਜੋ ਉਨ੍ਹਾਂ ਦੀ ਸਮੱਸਿਆ ਦਾ ਹੱਲ ਜਲਦੀ ਕੀਤਾ ਜਾਵੇ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫ਼ਸਲ ਨੂੰ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਕਿ ਉਨ੍ਹਾਂ ਨੂੰ ਫ਼ਸਲ ਵੇਚਣ ਵਿਚ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਖ਼ਰੀਦ ਏਜੰਸੀਆਂ ਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸਪਸ਼ਟ ਹਦਾਇਤਾਂ ਹਨ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕੋਈ ਵੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ | ਉਨ੍ਹਾਂ ਭਰੋਸਾ ਦਿੱਤਾ ਕਿ ਕਿਸਾਨਾਂ ਦੀ ਫਸਲ ਦਾ ਹਰ ਇਕ ਦਾਣਾ ਨਿਰਧਾਰਿਤ ਮਾਪਦੰਡਾਂ ਅਨੁਸਾਰ ਖ਼ਰੀਦਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਮੀਂਹ ਜਾਂ ਗੜੇਮਾਰੀ ਕਾਰਨ ਫਸਲ ਨੂੰ ਜੋ ਨੁਕਸਾਨ ਪਹੁੰਚਿਆ ਹੈ, ਉੱਥੇ ਸਰਕਾਰ ਵੱਲੋਂ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਜਲਦ ਤੋਂ ਜਲਦ ਮੁਆਵਜ਼ਾ ਮੁਹੱਈਆ ਕਰਵਾਇਆ ਜਾਵੇਗਾ | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਰਾਜ ਸਿੰਘ ਕਟੋਰਾ ਤੇ ਅਧਿਕਾਰੀ ਹਾਜ਼ਰ ਸਨ |