ਮੁੱਦਕੀ, 19 ਅਪ੍ਰੈਲ (ਭਾਰਤ ਭੂਸ਼ਨ ਅਗਰਵਾਲ)-ਸੂਬੇ ਵਿਚ ਪਹਿਲਾਂ ਬੇਮੌਸਮੀ ਗੜੇ੍ਹਮਾਰੀ ਕਾਰਨ ਪੱਕੀਆਂ ਕਣਕਾਂ ਦਾ ਭਾਰੀ ਨੁਕਸਾਨ ਹੋਇਆ ਤੇ ਹੁਣ ਅੱਗ ਲੱਗਣ ਦੀਆਂ ਵਾਪਰ ਰਹੀਆਂ ਘਟਨਾਵਾਂ ਨੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ, ਜਿਸ ਦੀ ਭਰਪਾਈ ਲਈ ਪੰਜਾਬ ਸਰਕਾਰ ਤੁਰੰਤ ਯੋਗ ਮੁਆਵਜ਼ਾ ਦੇਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਸਾਬਕਾ ਪ੍ਰਧਾਨ ਗੁਰਮੀਤ ਸਿੰਘ ਬਰਾੜ ਅਤੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਕਾਕਾ ਬਰਾੜ ਨੇ ਕਰਦਿਆਂ ਕਿਹਾ ਕਿ ਪਹਿਲਾਂ ਵੀ ਕਿਸਾਨਾਂ ਨੂੰ ਹੜ੍ਹਾਂ ਅਤੇ ਹੋਰ ਕੁਦਰਤੀ ਆਫ਼ਤਾਂ ਕਾਰਨ ਨੁਕਸਾਨ ਹੋਇਆ ਸੀ, ਪਰ ਅਜੇ ਤੱਕ ਉਨ੍ਹਾਂ ਨੂੰ ਪੂਰਾ ਮੁਆਵਜ਼ਾ ਨਹੀਂ ਮਿਲਿਆ | ਮੌਜੂਦਾ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਕੀਤੇ ਗਏ ਕਈ ਵਾਅਦੇ ਅਜੇ ਵੀ ਕਾਗ਼ਜ਼ਾਂ ਤੱਕ ਸੀਮਿਤ ਹਨ | ਅਕਾਲੀ ਆਗੂਆਂ ਨੇ ਕਿਹਾ ਕਿ ਬੇਰੁਜ਼ਗਾਰੀ, ਨਸ਼ਿਆਂ ਦੀ ਸਮੱਸਿਆ, ਕਾਨੂੰਨ ਵਿਵਸਥਾ ਅਤੇ ਕਿਸਾਨੀ ਸੰਕਟ ਵਰਗੇ ਮੁੱਦੇ ਅਜੇ ਵੀ ਜਿਉਂ ਦੇ ਤਿਉਂ ਹਨ | ਉਨ੍ਹਾਂ ਦਾਅਵਾ ਕੀਤਾ ਹੈ ਕਿ 2027 ਵਿਚ ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਕੇ ਆਪਣੀ ਸਰਕਾਰ ਬਣਾਏਗਾ | ਉਨ੍ਹਾਂ ਕਿਹਾ ਕਿ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ |