ਫ਼ਿਰੋਜ਼ਪੁਰ, 20 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਸੂਬਾ ਸਰਕਾਰ ਵਲੋਂ ਪੰਜਾਬ ਦੀਆਂ ਸਮੂਹ ਮੰਡੀਆਂ ਵਿਚ ਕਣਕ ਦੀ ਖ਼ਰੀਦ ਸਬੰਧੀ ਕੀਤੇ ਸੁਚੱਜੇ ਪ੍ਰਬੰਧਾਂ ਨਾਲ ਕਿਸੇ ਵੀ ਕਿਸਾਨ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਤੇ ਲਿਫ਼ਟਿੰਗ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਹਿਰੀ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਰਾਜ ਸਿੰਘ ਕਟੋਰਾ ਨੇ ਕੀਤਾ | ਉਨ੍ਹਾਂ ਦੱਸਿਆ ਕਿ ਮਾਰਕੀਟ ਕਮੇਟੀ ਸ਼ਹਿਰੀ ਅੰਦਰ ਆਉਂਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਕੰਮ ਨਿਰਵਿਘਨ ਜਾਰੀ ਹੈ ਤੇ ਲਿਫ਼ਟਿੰਗ ਵੀ ਸ਼ੁਰੂ ਹੋ ਗਈ ਹੈ | ਚੇਅਰਮੈਨ ਕਟੋਰਾ ਨੇ ਕਿਹਾ ਕਿ ਸੀਜ਼ਨ ਦੀ ਸ਼ੁਰੂਆਤ ਮੌਕੇ ਮੰਡੀਆਂ ਅੰਦਰ ਕਿਸਾਨਾਂ ਨੂੰ ਸ਼ੁਰੂਆਤੀ ਦਿਨਾਂ ਵਿਚ ਕੁਝ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਸੀ, ਜਦ ਇਸ ਸਬੰਧੀ ਉਨ੍ਹਾਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਮੰਡੀ ਬੋਰਡ ਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨਾਲ ਤੁਰੰਤ ਰਾਬਤਾ ਕਾਇਮ ਕਰਕੇ ਮੁਸ਼ਕਲਾਂ ਦਾ ਹੱਲ ਕਰਵਾਇਆ ਗਿਆ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ 'ਤੇ ਪਹਿਰਾ ਦੇ ਕੇ ਮੰਡੀਆਂ ਵਿਚ ਸਾਰੇ ਕੰਮ ਸੁਚਾਰੂ ਢੰਗ ਨਾਲ ਚਲਾਏ ਜਾ ਰਹੇ ਹਨ, ਕਿਉਂਕਿ ਮੁੱਖ ਮੰਤਰੀ ਸਾਹਿਬ ਵਲੋਂ ਅਧਿਕਾਰੀਆਂ ਦੇ ਨਾਲ ਪਾਰਟੀ ਲੀਡਰਸ਼ਿਪ ਨੂੰ ਵੀ ਸਖ਼ਤ ਹਦਾਇਤ ਹੈ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ, ਇਸ ਲਈ ਮੰਡੀਆਂ ਅੰਦਰ ਪ੍ਰਬੰਧਾਂ ਦੀ ਘਾਟ ਨੂੰ ਪੂਰਾ ਕਰਕੇ ਪ੍ਰੇਸ਼ਾਨੀਆਂ ਨੂੰ ਦੂਰ ਕੀਤਾ ਜਾਵੇ | ਚੇਅਰਮੈਨ ਕਟੋਰਾ ਨੇ ਕਿਹਾ ਕਿ ਕਿਸਾਨਾਂ ਨੂੰ ਖ਼ਰੀਦੀ ਫ਼ਸਲ ਦੀ ਅਦਾਇਗੀ ਵੀ ਜਲਦ ਸ਼ੁਰੂ ਜਾਵੇਗੀ, ਜੋ ਸਿੱਧੀ ਖਾਤਿਆਂ ਵਿਚ ਕੀਤੀ ਜਾਣੀ ਹੈ |