ਜ਼ੀਰਾ, 21 ਅਪ੍ਰੈਲ (ਰਜਨੀਸ਼ ਕਥੂਰੀਆ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਖ਼ਿਲਾਫ਼ ਪੰਜਾਬ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਬਿੱਲ ਅਤੇ ਪੰਜਾਬ ਦੇ ਰਾਜਪਾਲ ਵਲੋਂ ਉਸ 'ਤੇ ਮੋਹਰ ਲਗਾ ਕੇ ਬਣਾਏ ਗਏ ਕਾਨੂੰਨ ਦਾ ਗਰਮਜੋਸ਼ੀ ਨਾਲ ਸਵਾਗਤ ਕਰਦਿਆਂ ਮੇਜਰ ਸਿੰਘ ਭੁੱਲਰ ਪੀ.ਏ. ਨਰੇਸ਼ ਕਟਾਰੀਆ ਨੇ ਇਸ ਨੂੰ ਪੰਜਾਬ ਸਰਕਾਰ ਦਾ ਇਕ ਦਲੇਰਾਨਾ ਅਤੇ ਸੂਬੇ ਦੇ ਹਿਤ ਵਿਚ ਇਕ ਇਤਿਹਾਸਿਕ ਕਦਮ ਕਰਾਰ ਦਿੱਤਾ ਹੈ | ਉਹਨਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੇਤ ਹੋਰ ਧਰਮਾਂ ਦੇ ਗ੍ਰੰਥਾਂ ਦੀਆਂ ਕੀਤੀਆਂ ਜਾ ਰਹੀਆਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਮਿਸਾਲੀ ਸਜਾਵਾਂ ਦਿਵਾਉਣ ਲਈ ਅਜਿਹਾ ਕਾਨੂੰਨ ਬਣਾਉਣ ਦੀ ਪਿਛਲੇ ਲੰਬੇ ਸਮੇਂ ਤੋਂ ਵੱਡੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ, ਪਰ ਹੋਰ ਰਾਜਨੀਤਿਕ ਪਾਰਟੀਆਂ ਵੱਲੋਂ ਇਹ ਕਾਨੂੰਨ ਬਣਾਉਣ ਦੇ ਨਾਮ 'ਤੇ ਕੇਵਲ ਰਾਜਨੀਤੀ ਹੀ ਕੀਤੀ ਗਈ | ਉਹਨਾਂ ਕਿਹਾ ਕਿ ਇਹ ਕਾਨੂੰਨ ਬਣਨ ਤੋਂ ਬਾਅਦ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਕਰਨ ਦੀ ਮਨਸ਼ਾ ਰੱਖਣ ਵਾਲੇ ਸਮਾਜ ਵਿਰੋਧੀ ਅਨਸਰਾਂ ਦੇ ਮਨਾਂ ਵਿਚ ਖ਼ੌਫ਼ ਪੈਦਾ ਹੋਵੇਗਾ ਅਤੇ ਬੇਅਦਬੀਆਂ ਰੋਕਣ ਵਿਚ ਇਹ ਕਾਨੂੰਨ ਮਹੱਤਵਪੂਰਨ ਭੂਮਿਕਾ ਨਿਭਾਵੇਗਾ | ਮੇਜਰ ਸਿੰਘ ਭੁੱਲਰ ਨੇ ਇਹ ਕਾਨੂੰਨ ਬਣਾਉਣ ਲਈ ਪੰਜਾਬ ਵਿਧਾਨ ਸਭਾ ਵਿਚ ਬਿੱਲ ਪਾਸ ਕਰਨ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਇਸ 'ਤੇ ਦਸਤਖ਼ਤ ਕਰਕੇ ਕਾਨੂੰਨ ਬਣਾਉਣ ਲਈ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਧੰਨਵਾਦ ਕੀਤਾ ਹੈ |