ਜਲਾਲਾਬਾਦ, 21 ਅਪ੍ਰੈਲ(ਜਤਿੰਦਰ ਪਾਲ ਸਿੰਘ)-ਵਧ ਰਹੀ ਗਰਮੀ ਦੇ ਮੱਦੇਨਜ਼ਰ ਚੁੱਘ ਹਸਪਤਾਲ ਜਲਾਲਾਬਾਦ ਦੇ ਡਾਕਟਰ ਪ੍ਰਮੋਦ ਚੁੱਘ ਨੇ ਸਾਵਧਾਨੀਆਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਤ ਦੀ ਗਰਮੀ ਮਨੁੱਖੀ ਸਿਹਤ ਲਈ ਘਾਤਕ ਹੋ ਸਕਦੀ ਹੈ ਪਰ ਕੁੱਝ ਸਾਵਧਾਨੀਆਂ ਵਰਤ ਕੇ ਗਰਮੀ ਅਤੇ ਇਸ ਤੋਂ ਹੋਣ ਵਾਲੇ ਉਲਟ ਪ੍ਰਭਾਵਾਂ ਤੋਂ ਬਚਿਆ ਜਾ ਸਕਦਾ ਹੈ¢ ਉਨ੍ਹਾਂ ਕਿਹਾ ਕਿ ਵਧੇਰੇ ਤਾਪਮਾਨ ਸਰੀਰ ਦੇ ਤਾਪਮਾਨ ਨਿਯਮ ਪ੍ਰਣਾਲੀ ਨੂੰ ਵਿਗਾੜ ਦਿੰਦਾ ਹੈ ਅਤੇ ਗਰਮੀ ਨਾਲ ਸੰਬੰਧਿਤ ਮੁਸ਼ਕਲਾਂ ਪੈਦਾ ਹੋਣ ਦਾ ਕਾਰਨ ਬਣਦਾ ਹੈ¢ ਉਨ੍ਹਾਂ ਕਿਹਾ ਕਿ ਗਰਮੀ ਤੋਂ ਬਚਣ ਲਈ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਕੜਕਦੀ ਧੁੱਪ ਵਿਚ ਘਰ ਤੋਂ ਬਾਹਰ ਨਾ ਨਿਕਲਿਆ ਜਾਵੇ, ਹਰ ਅੱਧੇ ਘੰਟੇ ਬਾਅਦ ਭਾਵੇਂ ਪਿਆਸ ਨਾ ਵੀ ਲੱਗੀ ਹੋਵੇ ਤਾਂ ਵੀ ਪਾਣੀ ਪੀਣਾ ਚਾਹੀਦਾ ਹੈ¢ ਉਨ੍ਹਾਂ ਕਿਹਾ ਕਿ ਬਾਹਰ ਧੁੱਪ ਵਿਚ ਕੰਮ ਕਰਨ ਵੇਲੇ ਹਲਕੇ ਰੰਗ ਦੇ ਪੂਰੇ ਸਰੀਰ ਨੂੰ ਢੱਕਣ ਵਾਲੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ, ਧੁੱਪ ਵਿਚ ਜਾਣ ਵੇਲੇ ਹਮੇਸ਼ਾ ਪਾਣੀ ਨਾਲ ਲੈ ਕੇ ਜਾਓ¢ ਉਨ੍ਹਾਂ ਕਿਹਾ ਕਿ ਮੌਸਮੀ ਫਲ਼ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ਼, ਖ਼ਰਬੂਜ਼ਾ, ਸੰਤਰਾ, ਅੰਗੂਰ, ਖੀਰੇ, ਟਮਾਟਰ, ਘੀਆ ਅਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ, ਕਿਉਂਕਿ ਇਨ੍ਹਾਂ ਵਿਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ¢ ਉਨ੍ਹਾਂ ਕਿਹਾ ਕਿ ਅਜਿਹੇ ਮੌਸਮ ਦੌਰਾਨ ਸਾਨੂੰ ਓ.ਆਰ.ਐੱਸ, ਨਿੰਬੂ-ਪਾਣੀ, ਲੱਸੀ, ਨਾਰੀਅਲ ਦਾ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ¢