ਫ਼ਿਰੋਜ਼ਪੁਰ, 22 ਅਪ੍ਰੈਲ (ਗੁਰਿੰਦਰ ਸਿੰਘ)-ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸ਼ਾਹਦੀਨ ਵਾਲਾ ਵਿਖੇ ਵਿਸ਼ਵ ਧਰਤੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਰਚਨਾਤਮਿਕ ਗਤੀਵਿਧੀਆਂ ਵਿਚ ਭਾਗ ਲੈਂਦਿਆਂ ਧਰਤੀ ਦੀ ਸੁਰੱਖਿਆ ਨਾਲ ਸੰਬੰਧਿਤ ਸੁੰਦਰ ਤਸਵੀਰਾਂ ਬਣਾਈਆਂ ਅਤੇ ਪ੍ਰਭਾਵਸ਼ਾਲੀ ਕਵਿਤਾਵਾਂ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ | ਬੱਚਿਆਂ ਦੀ ਪ੍ਰਸਤੁਤੀ ਵਿਚ ਕੁਦਰਤ ਪ੍ਰਤੀ ਪਿਆਰ ਅਤੇ ਜਾਗਰੂਕਤਾ ਦਾ ਸੁੰਦਰ ਪ੍ਰਗਟਾਵਾ ਦੇਖਣ ਨੂੰ ਮਿਲਿਆ | ਇਸ ਮੌਕੇ ਸਕੂਲ ਦੇ ਮੈਨੇਜਰ ਇੰਦਰਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਵਿਸ਼ਵ ਧਰਤੀ ਦਿਵਸ ਦੇ ਇਤਿਹਾਸ ਅਤੇ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਹਰ ਸਾਲ 22 ਅਪ੍ਰੈਲ ਨੂੰ ਦੁਨੀਆ ਭਰ ਵਿਚ ਇਹ ਦਿਨ ਮਨਾਇਆ ਜਾਂਦਾ ਹੈ | ਜਿਸ ਦਾ ਮੁੱਖ ਉਦੇਸ਼ ਧਰਤੀ ਦੀ ਸੰਭਾਲ ਅਤੇ ਵਾਤਾਵਰਨ ਦੀ ਰੱਖਿਆ ਲਈ ਲੋਕਾਂ ਨੂੰ ਜਾਗਰੂਕ ਕਰਨਾ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਧ ਰਹੇ ਪ੍ਰਦੂਸ਼ਣ ਅਤੇ ਕੁਦਰਤੀ ਸੰਸਾਧਨਾਂ ਦੀ ਘੱਟ ਰਹੀ ਮਾਤਰਾ ਦੇ ਮੱਦੇਨਜ਼ਰ ਸਾਨੂੰ ਸਭ ਨੂੰ ਮਿਲ ਕੇ ਧਰਤੀ ਨੂੰ ਬਚਾਉਣ ਲਈ ਯਤਨ ਕਰਨੇ ਚਾਹੀਦੇ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਰੁੱਖ ਲਗਾਉਣ, ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਸਫ਼ਾਈ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਣਾਉਣ ਨਾਲ ਅਸੀਂ ਵਾਤਾਵਰਨ ਦੀ ਸੁਰੱਖਿਆ ਵਿਚ ਮਹੱਤਵਪੂਰਨ ਯੋਗਦਾਨ ਪਾ ਸਕਦੇ ਹਾਂ | ਸਕੂਲ ਦੇ ਡਾਇਰੈਕਟਰ-ਪਿ੍ੰਸੀਪਲ ਰਣਜੀਤ ਸਿੰਘ, ਪਿ੍ੰਸੀਪਲ ਖੁਸ਼ਵੰਤ ਸਿੰਘ, ਵਾਈਸ ਪਿ੍ੰਸੀਪਲ ਮੈਡਮ ਊਸ਼ਾ ਸ਼ਰਮਾ ਸਮੇਤ ਸਮੂਹ ਸਟਾਫ਼ ਅਤੇ ਅਧਿਆਪਕਾਂ ਨੇ ਬੱਚਿਆਂ ਨੂੰ ਵਾਤਾਵਰਨ ਸੰਭਾਲ ਲਈ ਸੁਚੇਤ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਦਾ ਸੰਦੇਸ਼ ਦਿੱਤਾ |