ਗੁਰੂਹਰਸਹਾਏ, 23 ਅਪ੍ਰੈਲ(ਕਪਿਲ ਕੰਧਾਰੀ)-ਇੰਜੀਨੀਅਰਜ਼ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਰਪ੍ਰਸਤ ਇੰਜੀਨੀਅਰ ਬਲਬੀਰ ਸਿੰਘ ਵੋਹਰਾ (ਪਿੰਕਾ ਵੋਹਰਾ) ਨੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.ਏ.) ਸਬੰਧੀ ਸੁਣਾਏ ਗਏ ਇਤਿਹਾਸਕ ਫ਼ੈਸਲੇ ਦਾ ਸਵਾਗਤ ਕੀਤਾ ਹੈ | ਇਸ ਮੌਕੇ ਗੱਲਬਾਤ ਕਰਦਿਆਂ ਇੰਜ ਵੋਹਰਾ ਨੇ ਕਿਹਾ ਕਿ ਅਦਾਲਤ ਨੇ ਆਪਣੇ ਫ਼ੈਸਲੇ ਵਿਚ ਸਪਸ਼ਟ ਕੀਤਾ ਹੈ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਦਾ ਭੁਗਤਾਨ 30 ਜੂਨ 2026 ਤੱਕ ਹਰ ਹਾਲਤ ਵਿਚ ਕੀਤਾ ਜਾਣਾ ਲਾਜ਼ਮੀ ਹੈ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਬਿਨਾਂ ਕਿਸੇ ਦੇਰੀ ਦੇ ਹਾਈ ਕੋਰਟ ਦੇ ਹੁਕਮਾਂ ਨੂੰ ਲਾਗੂ ਕੀਤਾ ਜਾਵੇ, ਤਾਂ ਜੋ ਬਜ਼ੁਰਗ ਪੈਨਸ਼ਨਰਾਂ ਨੂੰ ਹੋਰ ਅਦਾਲਤੀ ਕਾਰਵਾਈ ਵਿਚ ਨਾ ਪੈਣਾ ਪਵੇ | ਉਨ੍ਹਾਂ ਇਹ ਵੀ ਮੰਗ ਕੀਤੀ ਕਿ 1 ਜਨਵਰੀ 2016 ਤੋਂ 30 ਜੂਨ 2021 ਤੱਕ ਦੇ ਸੋਧੇ ਹੋਏ ਡੀ.ਏ. ਅਤੇ ਬਣਦੇ ਏਰੀਅਰ ਨਿਰਧਾਰਿਤ ਸਮੇਂ ਅੰਦਰ ਜਾਰੀ ਕੀਤੇ ਜਾਣ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਵੇਂ ਆਲ ਇੰਡੀਆ ਸਰਵਿਸਿਜ਼ ਦੇ ਅਧਿਕਾਰੀਆਂ ਨੂੰ ਕੇਂਦਰੀ ਪੈਟਰਨ ਅਨੁਸਾਰ ਮਹਿੰਗਾਈ ਭੱਤਾ ਮਿਲਦਾ ਹੈ | ਉਸੇ ਤਰ੍ਹਾਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੀ ਇਹ ਲਾਭ ਦਿੱਤਾ ਜਾਣਾ ਚਾਹੀਦਾ ਹੈ |