ਫ਼ਾਜ਼ਿਲਕਾ, 24 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਨਿਗਰਾਨੀ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਦੀ ਦੇਖ-ਰੇਖ ਹੇਠ ਜ਼ਿਲ੍ਹੇ ਵਿਚ 5 ਸਾਲ ਤੱਕ ਦੇ ਬੱਚਿਆਂ ਲਈ ਵਿਸ਼ੇਸ਼ ਹਫ਼ਤਾਵਾਰੀ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸ ਮੁਹਿੰਮ ਦਾ ਮਕਸਦ ਉਨ੍ਹਾਂ ਬੱਚਿਆਂ ਅਤੇ ਗਰਭਵਤੀ ਅÏਰਤਾਂ ਨੂੰ ਕਵਰ ਕਰਨਾ ਹੈ, ਜੋ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਹਨ | ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੁਹਿੰਮ 30 ਅਪ੍ਰੈਲ ਤੱਕ ਚਲਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪ੍ਰਵਾਸੀ ਆਬਾਦੀ ਅਤੇ ਸਲੱਮ ਏਰੀਆ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ | ਉਨ੍ਹਾਂ ਨੇ ਫ਼ੀਲਡ ਸਟਾਫ਼ ਨੂੰ ਸਖ਼ਤ ਹਦਾਇਤ ਕੀਤੀ ਕਿ ਟੀਕਾਕਰਨ ਦੀ 100 ਫ਼ੀਸਦੀ ਕਵਰੇਜ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਬੱਚਾ ਅਣਗੌਲਿਆ ਨਾ ਰਹੇ | ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਨੇ ਦੱਸਿਆ ਕਿ ਬੱਚਿਆਂ ਨੂੰ ਪੋਲੀਓ, ਪੀਲੀਆ, ਤਪਦਿਕ (ਟੀ.ਬੀ.), ਕਾਲੀ ਖਾਂਸੀ, ਟੈੱਟਨਸ, ਨਮੂਨੀਆ, ਦਸਤ, ਖ਼ਸਰਾ, ਰੂਬੇਲਾ ਅਤੇ ਅੰਧੇਪਨ ਵਰਗੀਆਂ 12 ਗੰਭੀਰ ਬਿਮਾਰੀਆਂ ਤੋਂ ਬਚਾਉਣ ਲਈ ਮੁਕੰਮਲ ਟੀਕਾਕਰਨ ਬਹੁਤ ਜ਼ਰੂਰੀ ਹੈ | ਉਨ੍ਹਾਂ ਨੇ ਅਪੀਲ ਕੀਤੀ ਕਿ ਲੋਕ ਆਪਣੇ ਨਜ਼ਦੀਕੀ ਸਿਹਤ ਕੇਂਦਰ ਵਿਚ ਜਾ ਕੇ ਇਹ ਟੀਕੇ ਜ਼ਰੂਰ ਲਗਵਾਉਣ | ਇਸ ਮੌਕੇ ਡਾ. ਰਾਜਵੀਰ ਕੰਬੋਜ, ਮਾਸ ਮੀਡੀਆ ਵਿੰਗ ਤੋਂ ਮਨਬੀਰ ਸਿੰਘ ਅਤੇ ਦਿਵੇਸ਼ ਕੁਮਾਰ ਵੀ ਹਾਜ਼ਰ ਸਨ |