ਗੁਰੂਹਰਸਹਾਏ, 25 ਅਪ੍ਰੈਲ(ਕਪਿਲ ਕੰਧਾਰੀ)-ਜਨਰਲ ਵਰਗ ਦੇ ਆਗੂਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਸਖ਼ਤ ਰੋਸ ਪ੍ਰਗਟਾਇਆ ਗਿਆ ਹੈ | ਉਨ੍ਹਾਂ ਨੇ ਦੋਸ਼ ਲਾਇਆ ਕਿ ਸਰਕਾਰ ਵਲੋਂ ਜਨਰਲ ਵਰਗ ਨਾਲ ਅਣਦੇਖੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ | ਇਸ ਮੌਕੇ ਜਾਣਕਾਰੀ ਦੇਂਦੇ ਹੋਏ ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਸੁਖਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 'ਪੰਜਾਬ ਸਟੇਟ ਕਮਿਸ਼ਨ ਫ਼ਾਰ ਜਨਰਲ ਕੈਟਾਗਰੀ' ਨੂੰ ਅਜੇ ਤੱਕ ਪੂਰੀ ਤਰ੍ਹਾਂ ਕਾਰਗਰ ਨਹੀਂ ਬਣਾਇਆ ਗਿਆ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਜਨਰਲ ਕੈਟਾਗਰੀ ਕਮਿਸ਼ਨ ਲਈ ਨਾ ਤਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਅਤੇ ਨਾ ਹੀ ਲੋੜੀਂਦਾ ਸਟਾਫ਼ ਤਾਇਨਾਤ ਕੀਤਾ ਗਿਆ ਹੈ | ਜਿਸ ਕਾਰਨ ਪਿਛਲੇ ਲੰਬੇ ਸਮੇਂ ਤੋਂ ਇਹ ਕਮਿਸ਼ਨ ਆਪਣਾ ਕੰਮ ਸ਼ੁਰੂ ਨਹੀਂ ਕਰ ਸਕਿਆ | ਉਨ੍ਹਾਂ ਦੱਸਿਆ ਕਿ ਦੂਜੇ ਪਾਸੇ ਹੋਰ ਕਮਿਸ਼ਨ ਸੁਚੱਜੇ ਢੰਗ ਨਾਲ ਕੰਮ ਕਰ ਰਹੇ ਹਨ | ਇਸ ਤੋਂ ਇਲਾਵਾ, ਉਨ੍ਹਾਂ ਨੇ ਦੋਸ਼ ਲਾਇਆ ਕਿ ਕੈਬਨਿਟ ਸਬ-ਕਮੇਟੀ ਵੱਲੋਂ ਜਨਰਲ ਵਰਗ ਦੇ ਨੁਮਾਇੰਦਿਆਂ ਨੂੰ ਮੀਟਿੰਗ ਲਈ ਸਮਾਂ ਨਹੀਂ ਦਿੱਤਾ ਜਾ ਰਿਹਾ, ਜਦਕਿ ਹੋਰ ਵਰਗਾਂ ਦੇ ਪ੍ਰਤੀਨਿਧੀਆਂ ਨਾਲ ਨਿਯਮਿਤ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਪ੍ਰਧਾਨ ਸੁਖਬੀਰ ਸਿੰਘ ਨੇ Tਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾU'ਤੇ ਵੀ ਸਵਾਲ ਉਠਾਏ | ਉਨ੍ਹਾਂ ਦਾ ਕਹਿਣਾ ਹੈ ਕਿ ਇਸ ਯੋਜਨਾ ਤਹਿਤ ਜਨਰਲ ਅਤੇ ਪਛੜੀਆਂ ਸ਼੍ਰੇਣੀਆਂ ਦੀਆਂ ਅÏਰਤਾਂ ਨੂੰ 1000 ਰੁਪਏ ਅਤੇ ਰਾਖਵੇਂ ਵਰਗ ਦੀਆਂ ਅÏਰਤਾਂ ਨੂੰ 1500 ਰੁਪਏ ਦੇਣ ਦੀ ਪ੍ਰਾਵਧਾਨ ਨਾਲ ਭੇਦਭਾਵ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਇਹ ਵੀ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੁੱਖ ਮੰਤਰੀ ਜਨਰਲ ਵਰਗ ਦੇ ਆਗੂਆਂ ਨਾਲ ਸਮੇਂ ਸਮੇਂ ਤੇ ਮੀਟਿੰਗਾਂ ਕਰਦੇ ਰਹੇ ਹਨ, ਪਰ ਮੌਜੂਦਾ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਮਿਲਣ ਲਈ ਸਮਾਂ ਨਹੀਂ ਦਿੱਤਾ ਜਾ ਰਿਹਾ |ਅੰਤ ਵਿੱਚ ਜਨਰਲ ਵਰਗ ਦੇ, ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ 'ਤੇ ਜਲਦੀ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ |