ਜ਼ੀਰਾ, 25 ਅਪ੍ਰੈਲ(ਰਜਨੀਸ਼ ਕਥੂਰੀਆ)-ਪੰਜਾਬ ਵਿਚ ਪਾਵਰ ਕਾਮ ਵਲੋਂ ਪਿਛਲੇ ਕੁਝ ਦਿਨਾਂ ਤੋਂ ਲਗਾਏ ਜਾ ਰਹੇ ਅਣ ਐਲਾਨੇ ਬਿਜਲੀ ਦੇ ਕੱਟਾਂ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੈਂਬਰ ਸੁਰਿੰਦਰ ਸਿੰਘ ਜੌੜਾ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ | ਉਹਨਾਂ ਕਿਹਾ ਕਿ ਪੰਜਾਬ ਵਿੱਚ ਲੱਗ ਰਹੇ ਬਿਜਲੀ ਦੇ ਲੰਬੇ ਅਤੇ ਬੇਤਰਤੀਬੇ ਕੱਟਾਂ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਸੁਰਿੰਦਰ ਸਿੰਘ ਜੌੜਾ ਨੇ ਕਿਹਾ ਕਿ ਬਿਜਲੀ ਦੀ ਪੰਜਾਬ ਵਿਚ ਕੋਈ ਘਾਟ ਨਾ ਹੋਣ ਦੇ ਸਰਕਾਰ ਦੇ ਵੱਡੇ-ਵੱਡੇ ਦਾਅਵੇ ਹੁਣ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋ ਰਹੇ ਹਨ | ਉਹਨਾਂ ਕਿਹਾ ਕਿ ਦਿਨ ਦੇ ਸਮੇਂ ਬਿਜਲੀ ਦੇ ਕੱਟ ਕਿਸੇ ਹੱਦ ਤੱਕ ਬਰਦਾਸ਼ਤ ਕੀਤੇ ਜਾ ਸਕਦੇ ਹਨ ਪਰ ਰਾਤ ਦੇ ਵੇਲੇ ਲੰਬੇ ਕੱਟ ਲੋਕਾਂ ਲਈ ਵੱਡੀ ਮੁਸੀਬਤ ਬਣ ਗਏ ਹਨ | ਗਰਮੀ ਅਤੇ ਮੱਛਰ ਦੇ ਕਾਰਨ ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਲਈ ਰਾਤ ਕੱਟਣੀ ਬਹੁਤ ਹੀ ਮੁਸ਼ਕਲ ਹੋ ਰਹੀ ਹੈ | ਜੌੜਾ ਨੇ ਦੱਸਿਆ ਕਿ ਕਈ ਇਲਾਕਿਆਂ ਵਿਚ ਸਾਰੀ-ਸਾਰੀ ਰਾਤ ਬਿਜਲੀ ਨਾ ਹੋਣ ਕਾਰਨ ਲੋਕਾਂ ਨੂੰ ਜਾਗ ਕੇ ਰਾਤਾਂ ਕੱਟਣੀਆਂ ਪੈਂਦੀਆਂ ਹਨ ਜਿਸ ਨਾਲ ਉਹਨਾਂ ਦੀ ਸਿਹਤ 'ਤੇ ਵੀ ਮਾੜਾ ਅਸਰ ਪੈ ਰਿਹਾ ਹੈ | ਉਹਨਾਂ ਸਰਕਾਰ ਨੂੰ ਅਪੀਲ ਕੀਤੀ ਕਿ ਤੁਰੰਤ ਬਿਜਲੀ ਸਪਲਾਈ ਪ੍ਰਬੰਧਾਂ ਨੂੰ ਠੀਕ ਕੀਤਾ ਜਾਵੇ ਅਤੇ ਖਾਸ ਤੌਰ 'ਤੇ ਰਾਤ ਦੇ ਸਮੇਂ ਕੱਟਾਂ ਨੂੰ ਰੋਕਿਆ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ |