ਅਬੋਹਰ, 26 ਅਪ੍ਰੈਲ (ਵਿਵੇਕ ਹੂੜੀਆ)-ਆਮ ਆਦਮੀ ਪਾਰਟੀ ਵਲੋਂ ਸਥਾਨਕ ਭਗਤ ਸਿੰਘ ਚੌਕ ਵਿਖੇ ਦਲ-ਬਦਲ ਕਰਕੇ ਦੂਜੀਆਂ ਪਾਰਟੀਆਂ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਦਲ-ਬਦਲੂ ਆਗੂਆਂ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਦਾ ਪੁਤਲਾ ਫੂਕਿਆ | ਇਸ ਰੋਸ ਪ੍ਰਦਰਸ਼ਨ ਵਿਚ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਅਰੁਣ ਨਾਰੰਗ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਜਦਕਿ ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ ਦੀ ਅਗਵਾਈ ਹੇਠ ਵਰਕਰਾਂ ਨੇ ਭਗਤ ਸਿੰਘ ਚੌਕ ਵਿਚ ਇਕੱਠੇ ਹੋ ਕੇ ਪਾਰਟੀ ਪ੍ਰਤੀ ਆਪਣੀ ਚਟਾਨ ਵਰਗੀ ਇੱਕਜੁੱਟਤਾ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਕਿਹਾ ਕਿ ਜਿਹੜੇ ਆਗੂ ਪਾਰਟੀ ਛੱਡ ਕੇ ਦੂਜੇ ਦਲਾਂ ਵਿਚ ਸ਼ਾਮਲ ਹੋਏ ਹਨ, ਉਨ੍ਹਾਂ ਦੇ ਜਾਣ ਨਾਲ ਆਮ ਆਦਮੀ ਪਾਰਟੀ ਨੂੰ ਕੋਈ ਫ਼ਰਕ ਨਹੀਂ ਪਵੇਗਾ | ਉਨ੍ਹਾਂ ਕਿਹਾ ਕਿ ਅਜਿਹੇ ਆਗੂਆਂ ਨੇ ਜਨਤਾ ਦਾ ਭਰੋਸਾ ਤੋੜਿਆ ਹੈ ਅਤੇ ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ | ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਲੋਕ ਹਿਤਾਂ ਲਈ ਪਹਿਲਾਂ ਵਾਂਗ ਮਜ਼ਬੂਤੀ ਨਾਲ ਕੰਮ ਕਰਦੀ ਰਹੇਗੀ ਅਤੇ ਆਉਣ ਵਾਲੀਆਂ ਚੋਣਾਂ ਵਿਚ ਵੱਡੀ ਜਿੱਤ ਦਰਜ ਕਰੇਗੀ | ਇਸ ਮੌਕੇ ਐਡਵੋਕੇਟ ਹਰਪ੍ਰੀਤ ਸਿੰਘ, ਐਡਵੋਕੇਟ ਅਰਵਿੰਦ ਬਜਾਜ, ਸੁਰਜੀਤ ਸਿੰਘ, ਜੀਤ, ਗੋਨੀ ਹਾਂਡਾ, ਰਜਿੰਦਰ ਡੱਬੂ, ਰਣਧੀਰ ਗਾਬਾ, ਅਰਵਿੰਦ ਸ਼ੇਰ, ਜਤਿੰਦਰ ਕੌਰ ਅਭਿਸ਼ੇਕ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ |