ਫ਼ਿਰੋਜ਼ਪੁਰ, 27 ਅਪ੍ਰੈਲ(ਗੁਰਿੰਦਰ ਸਿੰਘ)-ਫਿਰੋਜ਼ਪੁਰ ਪੁਲਿਸ ਦੇ ਟਰੈਫ਼ਿਕ ਵਿੰਗ ਵਿਚ ਸ਼ਾਨਦਾਰ ਕਾਰਗੁਜ਼ਾਰੀ ਕਰਨ ਲਈ ਜ਼ਿਲ੍ਹਾ ਟਰੈਫ਼ਿਕ ਇੰਚਾਰਜ ਇੰਸਪੈਕਟਰ ਜਸਵਿੰਦਰ ਸਿੰਘ ਸੰਧੂ ਨੂੰ ਐੱਸ.ਐੱਸ.ਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਵਲੋਂ ਡੀ.ਜੀ.ਪੀ ਡਿਸਕ ਦੇ ਕੇ ਸਨਮਾਨਿਤ ਕੀਤਾ ਗਿਆ | ਇਹ ਸਨਮਾਨ ਉਨ੍ਹਾਂ ਦੀ ਇਮਾਨਦਾਰੀ, ਨਿਭਾਅ ਅਤੇ ਟਰੈਫਿਕ ਪ੍ਰਬੰਧਨ ਵਿਚ ਬਿਹਤਰੀਨ ਯੋਗਦਾਨ ਲਈ ਦਿੱਤਾ ਗਿਆ | ਇਸ ਮੌਕੇ ਐੱਸ.ਐੱਸ.ਪੀ ਭੁਪਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਟਰੈਫ਼ਿਕ ਪ੍ਰਬੰਧਨ ਇੱਕ ਚੁਣੌਤੀਪੂਰਨ ਕੰਮ ਹੈ ਅਤੇ ਇਸ ਵਿਚ ਜਸਵਿੰਦਰ ਸਿੰਘ ਸੰਧੂ ਨੇ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਲੋਕਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਪਹਿਲ ਦਿੱਤੀ ਹੈ | ਉਨ੍ਹਾਂ ਕਿਹਾ ਕਿ ਐਸੇ ਅਧਿਕਾਰੀਆਂ ਦੀ ਮਿਹਨਤ ਨਾਲ ਹੀ ਪੁਲਿਸ ਵਿਭਾਗ ਦੀ ਛੇਵੀਂ ਮਜ਼ਬੂਤ ਹੁੰਦੀ ਹੈ ਅਤੇ ਹੋਰ ਕਰਮਚਾਰੀਆਂ ਨੂੰ ਵੀ ਪੇ੍ਰਰਨਾ ਮਿਲਦੀ ਹੈ | ਉਨ੍ਹਾਂ ਕਿਹਾ ਕਿ ਟਰੈਫ਼ਿਕ ਨਿਯਮਾਂ ਦੀ ਪਾਲਨਾ ਕਰਵਾਉਣ ਦੇ ਨਾਲ ਨਾਲ ਜਨਤਾ ਵਿਚ ਜਾਗਰੂਕਤਾ ਫੈਲਾਉਣਾ ਵੀ ਬਹੁਤ ਜ਼ਰੂਰੀ ਹੈ | ਜਿਸ ਵਿਚ ਇੰਸਪੈਕਟਰ ਜਸਵਿੰਦਰ ਸਿੰਘ ਸੰਧੂ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ | ਸਨਮਾਨ ਪ੍ਰਾਪਤ ਕਰਨ ਉਪਰੰਤ ਇੰਸਪੈਕਟਰ ਜਸਵਿੰਦਰ ਸਿੰਘ ਸੰਧੂ ਨੇ ਐੱਸ.ਐੱਸ.ਪੀ ਭੁਪਿੰਦਰ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਹੋਰ ਚੰਗੀ ਤਰ੍ਹਾਂ ਡਿਊਟੀ ਨਿਭਾਉਣ ਲਈ ਪੇ੍ਰਰਨਾ ਦਾ ਸਰੋਤ ਹੈ | ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿਚ ਵੀ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਰਹਿਣਗੇ ਅਤੇ ਟਰੈਫ਼ਿਕ ਪ੍ਰਬੰਧਨ ਨੂੰ ਹੋਰ ਸੁਚਾਰੂ ਬਣਾਉਣ ਲਈ ਯਤਨਸ਼ੀਲ ਰਹਿਣਗੇ | ਇਸ ਮੌਕੇ ਪੁਲਿਸ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ ਜਿਨ੍ਹਾਂ ਨੇ ਸੰਧੂ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ |