ਫ਼ਿਰੋਜ਼ਪੁਰ, 28 ਅਪ੍ਰੈਲ (ਗੁਰਿੰਦਰ ਸਿੰਘ)-ਪੰਜਾਬ ਵਿਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ 30 ਅਪ੍ਰੈਲ ਦਿਨ ਵੀਰਵਾਰ ਨੂੰ ਬਿਜਲੀ ਦਫ਼ਤਰ ਫ਼ਿਰੋਜ਼ਪੁਰ ਸ਼ਹਿਰ ਵਿਖੇ ਰੋਸ ਧਰਨਾ ਦਿੱਤਾ ਜਾਵੇਗਾ | ਇਸ ਧਰਨੇ ਵਿਚ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ | ਵਿਧਾਨ ਸਭਾ ਹਲਕੇ ਦੇ ਇੰਚਾਰਜ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਸੁਖਪਾਲ ਸਿੰਘ ਨੰਨੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪ੍ਰਦਰਸ਼ਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ Tਡੂੰਘੀ ਨੀਂਦUਤੋਂ ਜਗਾਉਣ ਲਈ ਅਕਾਲੀ ਦਲ ਵਲੋਂ ਰਾਜ ਭਰ ਵਿਚ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ | ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿਚ ਬਿਜਲੀ ਦੀ ਸਥਿਤੀ ਤੇਜ਼ੀ ਨਾਲ ਵਿਗੜ ਰਹੀ ਹੈ, ਜਿਸ ਕਾਰਨ ਲੋਕ ਲੰਬੇ ਅਤੇ ਅਚਾਨਕ ਕੱਟਾਂ ਨਾਲ ਪ੍ਰੇਸ਼ਾਨ ਹਨ | ਉਨ੍ਹਾਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਸਮੂਹ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਵੱਡੀ ਗਿਣਤੀ ਵਿਚ ਇਸ ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ |