ਫ਼ਿਰੋਜ਼ਪੁਰ, 28 ਅਪ੍ਰੈਲ (ਸੁਖਵਿੰਦਰ ਸਿੰਘ)-ਕੇਂਦਰ ਸਰਕਾਰ ਦੇ ਸਭਿਆਚਾਰਕ ਮੰਤਰਾਲੇ ਵੱਲੋਂ 'ਗਿਆਨ ਭਾਰਤਮ ਮਿਸ਼ਨ' ਤਹਿਤ ਵੱਖ-ਵੱਖ ਥਾਵਾਂ 'ਤੇ ਮੌਜੂਦ ਸਾਂਭਣ ਯੋਗ ਪੁਰਾਣੀਆਂ ਹੱਥ ਲਿਖਤਾਂ (ਮੈਨੂਸਕਿ੍ਪਟਸ) ਨੂੰ ਖੋਜਣ, ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੰਭਾਲਣ ਦਾ ਸੁਹਿਰਦ ਉਪਰਾਲਾ ਕੀਤਾ ਜਾ ਰਿਹਾ ਹੈ | ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਇਸ ਮਿਸ਼ਨ ਤਹਿਤ ਪੁਰਾਣੀਆਂ ਹੱਥ ਲਿਖਤਾਂ ਤੇ ਖਰੜੇ ਆਦਿ ਨੂੰ ਸਾਂਭਣ ਦਾ ਮਹੱਤਵਪੂਰਨ ਕਾਰਜ ਕੀਤਾ ਜਾ ਰਿਹਾ ਹੈ ਤਾਂ ਜੋ ਇਹ ਸਾਰੀਆਂ ਹੱਥ ਲਿਖਤਾਂ ਖੋਜਣ ਉਪਰੰਤ 'ਗਿਆਨ ਭਾਰਤਮ' ਐਪ ਉੱਪਰ ਜਾ ਕੇ ਇਹਨਾਂ ਦੀ ਜਾਣਕਾਰੀ ਅੱਪਲੋਡ ਕੀਤੀ ਜਾਵੇਗੀ | ਇਸ ਕਾਰਜ ਲਈ ਜ਼ਿਲ੍ਹੇ ਵਿਚ ਸਰਵੇ ਟੀਮਾਂ ਦਾ ਗਠਨ ਕੀਤਾ ਗਿਆ ਹੈ | ਸਰਵੇ ਟੀਮਾਂ ਵਲੋਂ ਇਹ ਹੱਥ ਲਿਖਤਾਂ ਦੀ ਨਿਸ਼ਾਨਦੇਹੀ ਕਰਕੇ ਇਸ ਦੀ ਜਾਣਕਾਰੀ ਗਿਆਨ ਭਾਰਤਮ ਐਪ ਉੱਪਰ ਅੱਪਲੋਡ ਕੀਤੀ ਜਾਵੇਗੀ | ਵਧੀਕ ਡਿਪਟੀ ਕਮਿਸ਼ਨਰ ਡਾ. ਅਮਨਦੀਪ ਕੌਰ ਨੇ ਜ਼ਿਲੇ੍ਹ ਦੇ ਵਸਨੀਕਾਂ ਨੂੰ ਇਸ ਮਿਸ਼ਨ ਲਈ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਜਾ ਕਿਸੇ ਸੰਸਥਾ, ਲਾਇਬਰੇਰੀ, ਸ੍ਰੀ ਗੁਰਦੁਆਰਾ ਸਾਹਿਬ, ਮੰਦਿਰ, ਡੇਰਾ ਜਾਂ ਕਿਸੇ ਵੀ ਹੋਰ ਸਥਾਨ ਉੱਪਰ ਅਜਿਹੀ ਕੋਈ ਦੁਰਲੱਭ ਹੱਥ ਲਿਖਤ ਮੌਜੂਦ ਹੈ ਤਾਂ ਇਸ ਦੀ ਜਾਣਕਾਰੀ ਇਸ ਮਿਸ਼ਨ ਲਈ ਤਾਇਨਾਤ ਕੀਤੇ ਗਏ ਸਹਾਇਕ ਨੋਡਲ ਅਫ਼ਸਰ ਕਮ ਜ਼ਿਲ੍ਹਾ ਭਾਸ਼ਾ ਅਫਸਰ ਡਾ. ਜਗਦੀਪ ਸਿੰਘ ਸੰਧੂ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਇਸ ਮਿਸ਼ਨ ਨੂੰ ਸਫਲਤਾਪੂਰਵਕ ਨੇਪਰੇ ਚਾੜਿ੍ਹਆ ਜਾ ਸਕੇ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਮਹੱਤਵਪੂਰਨ ਮਿਸ਼ਨ ਦੀ ਕਾਮਯਾਬੀ ਲਈ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ | ਇਸ ਤੋਂ ਪਹਿਲਾਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਵਲੋਂ ਗਿਆਨ ਭਾਰਤਮ ਐਪ ਦੀ ਵਰਤੋਂ ਬਾਰੇ ਸਮੂਹ ਹਾਜ਼ਰੀਨ ਨੂੰ ਜਾਣਕਾਰੀ ਦਿੱਤੀ ਗਈ | ਮੀਟਿੰਗ ਵਿਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ, ਸਕੱਤਰ ਰੈੱਡ ਕਰਾਸ ਸੁਨੀਲ ਕੁਮਾਰ, ਡਾ. ਰਾਮੇਸ਼ਵਰ ਸਿੰਘ ਸਮੇਤ ਸਿੱਖਿਆ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ/ ਕਰਮਚਾਰੀ ਆਦਿ ਹਾਜ਼ਰ ਸਨ |