ਗੁਰੂਹਰਸਹਾਏ, 2 ਮਈ (ਕਪਿਲ ਕੰਧਾਰੀ)-ਤਾਜ ਪਬਲਿਕ ਸਕੂਲ ਵਿਖੇ ਪਿ੍ੰਸੀਪਲ ਡਾ. ਰਜਿੰਦਰ ਕਸ਼ਯਪ ਦੀ ਅਗਵਾਈ ਹੇਠ ਵਿਦਿਆਰਥੀਆਂ ਲਈ ਵੱਖ-ਵੱਖ ਮਨੋਰੰਜਕ ਅਤੇ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ ਗਈਆਂ | ਇਨ੍ਹਾਂ ਗਤੀਵਿਧੀਆਂ ਵਿਚ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਜਾਣਕਾਰੀ ਦੇਂਦੇ ਹੋਏ ਸਕੂਲ ਦੇ ਪਿ੍ੰਸੀਪਲ ਡਾ. ਰਜਿੰਦਰ ਕਸ਼ਯਪ ਨੇ ਦੱਸਿਆ ਕਿ ਛੋਟੀਆਂ ਜਮਾਤਾਂ ਦੇ ਬੱਚਿਆਂ ਵਲੋਂ ਮਜ਼ਦੂਰ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ | ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਐਨੀਮੇਟਿਡ ਕਾਰਟੂਨਾਂ ਦੀਆਂ ਸੁੰਦਰ ਡਰਾਇੰਗਾਂ ਤਿਆਰ ਕੀਤੀਆਂ | ਇਸੇ ਤਰ੍ਹਾਂ ਤੀਜੀ ਅਤੇ ਚੌਥੀ ਜਮਾਤ ਦੇ ਬੱਚਿਆਂ ਦੇ ਪੰਜਾਬੀ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ | ਜਿਨ੍ਹਾਂ ਵਿਚ ਬੱਚਿਆਂ ਨੇ ਆਪਣੀ ਲਿਖਤ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸੇ ਤਰ੍ਹਾਂ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਊਰਜਾ ਪ੍ਰਦਾਨ ਕਰਨ ਵਾਲੇ ਪੌਸ਼ਟਿਕ ਡਰਿੰਕਸ ਤਿਆਰ ਕੀਤੇ ਗਏ | ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਮਜ਼ਦੂਰ ਦਿਵਸ ਸਬੰਧੀ ਪ੍ਰਭਾਵਸ਼ਾਲੀ ਭਾਸ਼ਣ ਪੇਸ਼ ਕੀਤੇ, ਜਦਕਿ ਵਿਦਿਆਰਥਣਾਂ ਵਲੋਂ ਸੁੰਦਰ ਬੋਰਡ ਸਜਾਵਟ ਵੀ ਕੀਤੀ ਗਈ | ਉਨ੍ਹਾਂ ਦੱਸਿਆ ਕਿ ਦਸਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਫਰੂਟ ਚਾਟ, ਜੂਸ, ਭੇਲਪੁਰੀ ਅਤੇ ਹੋਰ ਕਈ ਖਾਣ-ਪੀਣ ਦੀਆਂ ਵਸਤੂਆਂ ਤਿਆਰ ਕਰਕੇ ਆਪਣੀ ਰਚਨਾਤਮਿਕਤਾ ਅਤੇ ਘਰੇਲੂ ਕੌਸ਼ਲ ਦਾ ਪ੍ਰਦਰਸ਼ਨ ਕੀਤਾ | ਇਸ ਮੌਕੇ ਚੇਅਰਮੈਨ ਹਰਪ੍ਰੀਤ ਸਿੰਘ ਸੰਧੂ, ਜਗਮੀਤ ਸਿੰਘ ਸੰਧੂ, ਪਿ੍ੰਸੀਪਲ ਡਾ. ਰਜਿੰਦਰ ਕਸ਼ਯਪ, ਮੈਡਮ ਰਮਨਦੀਪ ਕੌਰ ਸੰਧੂ, ਮੈਡਮ ਸ਼ਮਨਪ੍ਰੀਤ ਕੌਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |