ਗੁਰੂਹਰਸਹਾਏ, 3 ਮਈ (ਕਪਿਲ ਕੰਧਾਰੀ)-ਨਗਰ ਕੌਂਸਲ ਗੁਰੂਹਰਸਹਾਏ ਦੇ ਸੀਵਰਮੈਨ ਅਤੇ ਸਫ਼ਾਈ ਸੇਵਕਾਂ ਵਲੋਂ ਭਰਤੀ ਪ੍ਰਕਿਰਿਆ 'ਚ ਹੋ ਰਹੀ ਦੇਰੀ ਦੇ ਵਿਰੋਧ ਵਿੱਚ ਧਰਨਾ ਲਗਾਤਾਰ ਜਾਰੀ ਹੈ | ਕਰਮਚਾਰੀਆਂ ਨੇ ਬੀਤੇ ਦਿਨ ਐਸ.ਡੀ.ਐਮ. ਗੁਰੂਹਰਸਹਾਏ ਨੂੰ ਮੰਗ ਪੱਤਰ ਸੌਂਪ ਕੇ ਨਗਰ ਕੌਂਸਲ ਵਿਚ ਲੰਬੇ ਸਮੇਂ ਤੋਂ ਲਟਕੀ ਪਈ ਭਰਤੀ ਪ੍ਰਕਿਰਿਆ ਨੂੰ ਜਲਦ ਪੂਰਾ ਕਰਨ ਦੀ ਮੰਗ ਕੀਤੀ | ਮੰਗ ਪੱਤਰ ਵਿਚ ਕਰਮਚਾਰੀਆਂ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਗੁਰੂਹਰਸਹਾਏ ਵਿਚ ਸੀਵਰਮੈਨ ਅਤੇ ਸਫ਼ਾਈ ਸੇਵਕਾਂ ਦੀ ਭਰਤੀ ਕੈਟਾਗਰੀ ਅਨੁਸਾਰ ਕੀਤੀ ਜਾਣੀ ਹੈ | ਇਸ ਸੰਬੰਧੀ ਵਧੀਕ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਵਲੋਂ ਮਤਾ ਨੰਬਰ 206 ਅਤੇ 207 ਮਿਤੀ 13 ਮਾਰਚ 2026 ਨੂੰ ਪਹਿਲਾਂ ਹੀ ਪਾਸ ਕੀਤਾ ਜਾ ਚੁੱਕਾ ਹੈ | ਕਰਮਚਾਰੀਆਂ ਦਾ ਦੋਸ਼ ਹੈ ਕਿ ਇਸ ਦੇ ਬਾਵਜੂਦ ਨਗਰ ਕੌਂਸਲ ਗੁਰੂਹਰਸਹਾਏ ਦੇ ਕਾਰਜ ਸਾਧਕ ਅਫਸਰ ਵਲੋਂ ਭਰਤੀ ਪ੍ਰਕਿਰਿਆ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਅਤੇ ਵੱਖ-ਵੱਖ ਬਹਾਨਿਆਂ ਨਾਲ ਸਮਾਂ ਬਤੀਤ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਕਈ ਵਾਰ ਕਾਰਜ ਸਾਧਕ ਅਫਸਰ ਅਤੇ ਪ੍ਰਧਾਨ ਨਾਲ ਮੁਲਾਕਾਤ ਵੀ ਕੀਤੀ ਗਈ, ਪਰ ਕੋਈ ਢੁਕਵਾਂ ਹੱਲ ਨਹੀਂ ਨਿਕਲਿਆ | ਸਫ਼ਾਈ ਕਰਮਚਾਰੀਆਂ ਨੇ ਦੱਸਿਆ ਕਿ ਉਹ ਪਿਛਲੇ ਤਿੰਨ ਦਿਨਾਂ ਤੋਂ ਧਰਨੇ 'ਤੇ ਬੈਠੇ ਹਨ | ਧਰਨੇ ਕਾਰਨ ਸ਼ਹਿਰ ਦੇ ਕਈ ਇਲਾਕਿਆਂ ਵਿਚ ਗੰਦਗੀ ਦੇ ਢੇਰ ਲੱਗ ਗਏ ਹਨ | ਜਿਸ ਨਾਲ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਰਮਚਾਰੀਆਂ ਨੇ ਦੋਸ਼ ਲਗਾਇਆ ਕਿ ਇਸ ਗੰਭੀਰ ਸਥਿਤੀ ਦੇ ਬਾਵਜੂਦ ਪ੍ਰਸ਼ਾਸਨ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਵਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਇਸ ਦੌਰਾਨ ਸ਼ਹਿਰ ਦੇ ਸਮਾਜ ਸੇਵੀ ਰਾਮ ਨਰੂਲਾ, ਸੁਰਿੰਦਰ ਲਾਟੂ ਭਿੱਖਾ, ਸਤਪਾਲ ਨਰੂਲਾ, ਮਿੱਠੂ, ਮੋਨੂੰ ਸ਼ਰਮਾ, ਦਰਸ਼ਨ ਲਾਲ, ਵਰਿੰਦਰ ਸਚਦੇਵਾ, ਅਰਜੁਨ ਵੋਹਰਾ ਅਤੇ ਸੋਨੂੰ ਗਲਹੋਤਰਾ ਨੇ ਵੀ ਧਰਨੇ 'ਚ ਪਹੁੰਚ ਕੇ ਸਫਾਈ ਕਰਮਚਾਰੀਆਂ ਦਾ ਸਮਰਥਨ ਕੀਤਾ | ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਸੋਮਵਾਰ ਤੱਕ ਇਸ ਮਸਲੇ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ |