ਅਬੋਹਰ, 5 ਮਈ (ਵਿਵੇਕ ਹੂੜੀਆ)-ਨਸ਼ਾ ਵਿਰੋਧੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਬਹਾਵ ਵਾਲਾ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਐਸ.ਆਈ. ਜਗਮੀਤ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਪਿੰਡ ਅਮਰਪੁਰਾ ਤੋਂ ਭਾਗੂ ਨੂੰ ਜਾਣ ਵਾਲੇ ਰਸਤੇ 'ਤੇ ਗਸ਼ਤ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ | ਇਸ ਦੌਰਾਨ ਝਾੜੀਆਂ ਵਾਲੇ ਪਾਸੇ ਖੜ੍ਹਾ ਇਕ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਖ਼ੁਦ ਨੂੰ ਛੁਪਾਉਣ ਦੀ ਕੋਸ਼ਿਸ਼ ਕਰਨ ਲੱਗਾ | ਸ਼ੱਕ ਪੈਣ 'ਤੇ ਜਦੋਂ ਪੁਲਿਸ ਨੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ, ਤਾਂ ਉਸ ਕੋਲੋਂ 3.5 ਗਰਾਮ ਹੈਰੋਇਨ ਬਰਾਮਦ ਹੋਈ | ਫੜੇ ਗਏ ਵਿਅਕਤੀ ਦੀ ਪਛਾਣ ਅਨਿਲ ਕੁਮਾਰ ਪੁੱਤਰ ਕਿ੍ਸ਼ਨ ਲਾਲ, ਵਾਸੀ ਦੋਦੇਵਾਲਾ ਵਜੋਂ ਹੋਈ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |