ਫ਼ਿਰੋਜ਼ਪੁਰ, 5 ਮਈ (ਕੁਲਬੀਰ ਸਿੰਘ ਸੋਢੀ)-ਹਲਕਾ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਹਲਕੇ ਦੇ ਪਿੰਡ ਦੁਲਚੀ ਕੇ ਬਲਾਕ ਫ਼ਿਰੋਜ਼ਪੁਰ ਵਿਖੇ 55.10 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਉਦਘਾਟਨ ਕਰਕੇ ਹਲਕਾ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ | ਵਿਧਾਇਕ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਅਤੇ ਕੈਬਨਿਟ ਮੰਤਰੀ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਸੂਬੇ ਵਿਚ ਬਣ ਰਹੇ 3100 ਖੇਡ ਮੈਦਾਨਾਂ ਦੇ ਅਧੀਨ ਤਿਆਰ ਕਰਵਾਇਆ ਗਿਆ | ਉਨ੍ਹਾਂ ਕਿਹਾ ਕਿ ਖੇਡ ਮੈਦਾਨ ਬਣਨ ਨਾਲ ਇਲਾਕੇ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਵਲ ਪ੍ਰੇਰਨਾ ਮਿਲੇਗੀ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਇਕ ਵਧੀਆ ਮੰਚ ਪ੍ਰਾਪਤ ਹੋਵੇਗਾ | ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਪਿੰਡ ਅਤੇ ਆਸ-ਪਾਸ ਦੇ ਖੇਤਰਾਂ ਵਿਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਿਚ ਵੀ ਇਹ ਮੈਦਾਨ ਮਹੱਤਵਪੂਰਨ ਭੂਮਿਕਾ ਨਿਭਾਏਗਾ | ਇਸ ਦੌਰਾਨ ਪਿੰਡ ਵਾਸੀਆਂ ਵਲੋਂ ਭਗਵੰਤ ਮਾਨ ਅਤੇ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਦਾ ਦਿਲੋਂ ਧੰਨਵਾਦ ਕੀਤਾ ਗਿਆ | ਇਸ ਮੌਕੇ ਦਿਲਬਾਗ ਸਿੰਘ ਨੱਢਾ ਚੇਅਰਮੈਨ ਪੰਚਾਇਤ ਸੰਮਤੀ, ਬੋਹੜ ਸਿੰਘ ਬਲਾਕ ਸੰਮਤੀ ਮੈਂਬਰ, ਪ੍ਰਗਟ ਸਿੰਘ, ਬੇਅੰਤ ਸਿੰਘ ਮੱਲ, ਹਰਮੀਤ ਸਿੰਘ ਖਾਈ, ਗੁਰਭੇਜ ਸਿੰਘ, ਕੁੰਵਰਜੋਤ ਸਿੰਘ ਬਲਾਕ ਸੰਮਤੀ ਮੈਂਬਰ ਆਦਿ ਹਾਜ਼ਰ ਸਨ |