ਫ਼ਿਰੋਜ਼ਪੁਰ, 6 ਮਈ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਫਿਰੋਜ਼ਪੁਰ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਨਵਨੀਤ ਕੁਮਾਰ ਗੋਰਾ ਨੇ ਨਵੀਂ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਇਸ ਮੌਕੇ ਗੋਰਾ ਵਲੋਂ ਜਨਮੇਜਾ ਸਿੰਘ ਸੇਖੋਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਉਨ੍ਹਾਂ ਤੋਂ ਅਸ਼ੀਰਵਾਦ ਲਿਆ | ਮੁਲਾਕਾਤ ਦੌਰਾਨ ਪਾਰਟੀ ਦੀ ਮੌਜੂਦਾ ਸਥਿਤੀ, ਆਉਣ ਵਾਲੀਆਂ ਚੋਣਾਂ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਰਣਨੀਤੀਆਂ 'ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਜਨਮੇਜਾ ਸਿੰਘ ਸੇਖੋਂ ਨੇ ਨਵਨੀਤ ਕੁਮਾਰ ਗੋਰਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਹ ਪਾਰਟੀ ਦੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਵਰਕਰਾਂ ਨੂੰ ਇੱਕਜੁੱਟ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਣਗੇ | ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਗੋਰਾ ਦੀ ਅਗਵਾਈ ਹੇਠ ਸ਼ਹਿਰੀ ਇਕਾਈ ਹੋਰ ਮਜ਼ਬੂਤ ਹੋਵੇਗੀ | ਨਵਨੀਤ ਕੁਮਾਰ ਗੋਰਾ ਨੇ ਇਸ ਮੌਕੇ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ | ਉਨ੍ਹਾਂ ਨੇ ਕਿਹਾ ਕਿ ਵਰਕਰਾਂ ਦੀ ਸਹਾਇਤਾ ਨਾਲ ਸ਼ਹਿਰੀ ਖੇਤਰ ਵਿਚ ਪਾਰਟੀ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਪਹਿਲ ਹੋਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉੱਚੇ ਪੱਧਰ ਤੱਕ ਪਹੁੰਚਾਇਆ ਜਾਵੇਗਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ ਕਲਸੀ, ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਕਲਸੀ, ਜ਼ੋਰਾਵਰ ਸਿੰਘ ਆਦਿ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ, ਜਿਨ੍ਹਾਂ ਨੇ ਨਵਨੀਤ ਕੁਮਾਰ ਗੋਰਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ |