ਫ਼ਿਰੋਜ਼ਪੁਰ, 6 ਮਈ (ਸੁਖਵਿੰਦਰ ਸਿੰਘ)-ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ ਵਿਚ ਕਮੀ ਆਈ ਹੈ ਅਤੇ ਖ਼ਰੀਦ ਦਾ ਕੰਮ ਆਖ਼ਰੀ ਪੜਾਅ 'ਤੇ ਹੈ | ਡਿਪਟੀ ਕਮਿਸ਼ਨਰ ਦੇ ਦੱਸਿਆ ਕਿ 5 ਮਈ ਸ਼ਾਮ ਤੱਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਹੋਈ 796628 ਮੀਟਰਿਕ ਟਨ ਕਣਕ ਦੀ ਆਮਦ ਵਿਚੋਂ 773577 ਮੀਟਰਿਕ ਟਨ (97 ਫ਼ੀਸਦੀ) ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਉਨ੍ਹਾਂ ਕਿਹਾ ਕਿ ਖ਼ਰੀਦ ਕੀਤੀ ਜਾ ਰਹੀ ਕਣਕ ਦੀ ਚੁਕਾਈ ਵੀ ਨਾਲੋ-ਨਾਲ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਵੱਖ ਵੱਖ ਖ਼ਰੀਦ ਏਜੰਸੀਆਂ ਵਲੋਂ ਖ਼ਰੀਦੀ ਗਈ ਕੁੱਲ ਕਣਕ 'ਚੋਂ ਪਨਗ੍ਰੇਨ ਵਲੋਂ 241278 ਮੀਟਰਿਕ ਟਨ, ਮਾਰਕਫੈੱਡ ਵਲੋਂ 207034 ਮੀਟਰਿਕ ਟਨ, ਪਨਸਪ ਵਲੋਂ 197731 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਵਲੋਂ 127533 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਖ਼ਰੀਦ ਕੀਤੀ ਜਾ ਰਹੀ ਕਣਕ ਦੀ ਅਦਾਇਗੀ ਕਿਸਾਨਾਂ ਨੂੰ ਨਾਲੋ-ਨਾਲ ਹੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਹੁਣ ਤੱਕ 1985.28 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿਚ ਕੀਤੀ ਜਾ ਚੁੱਕੀ ਹੈ |