ਫ਼ਿਰੋਜ਼ਪੁਰ, 9 ਮਈ(ਕੁਲਬੀਰ ਸਿੰਘ ਸੋਢੀ)-ਫਿਰੋਜ਼ਪੁਰ ਸ਼ਹਿਰੀ ਦੇ ਵੱਖ-ਵੱਖ ਬਾਜ਼ਾਰਾਂ ਨਾਲ ਸਬੰਧਤ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇਕ ਅਹਿਮ ਬੈਠਕ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ | ਇਸ ਮੀਟਿੰਗ ਦਾ ਮੁੱਖ ਉਦੇਸ਼ ਵਪਾਰੀਆਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਸੁਣਨਾ ਅਤੇ ਉਨ੍ਹਾਂ ਦੇ ਤੁਰੰਤ ਹੱਲ ਲਈ ਢੁਕਵੇਂ ਕਦਮ ਚੁੱਕਣ ਸਬੰਧੀ ਯੋਜਨਾ ਤਿਆਰ ਕਰਨਾ ਸੀ | ਇਸ ਮੌਕੇ ਐੱਸ.ਡੀ.ਐਮ ਫ਼ਿਰੋਜ਼ਪੁਰ ਅਭਿਸ਼ੇਕ ਸ਼ਰਮਾ ਵੀ ਹਾਜ਼ਰ ਸਨ | ਮੀਟਿੰਗ ਦੌਰਾਨ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਵੱਖ-ਵੱਖ ਮਾਰਕੀਟ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ | ਵਪਾਰੀਆਂ ਨੇ ਆਪਣੇ ਇਲਾਕਿਆਂ ਵਿਚ ਆ ਰਹੀਆਂ ਰੋਜ਼ਾਨਾ ਸਮੱਸਿਆਵਾਂ ਨੂੰ ਖੁੱਲ੍ਹ ਕੇ ਰੱਖਿਆ | ਇਸ ਦੌਰਾਨ ਵਿਧਾਇਕ ਭੁੱਲਰ ਨੇ ਸਾਰੇ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ | ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸ਼ਹਿਰ ਦੀ ਆਰਥਿਕ ਰੀੜ੍ਹ ਦੀ ਹੱਡੀ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ | ਮੀਟਿੰਗ ਦੌਰਾਨ ਤਹਿਬਾਜ਼ਾਰੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ 'ਤੇ ਜ਼ੋਰ ਦਿੱਤਾ ਗਿਆ | ਇਸਦੇ ਨਾਲ ਹੀ ਬਾਜ਼ਾਰਾਂ ਵਿਚ ਚੋਰੀ ਦੀਆਂ ਘਟਨਾਵਾਂ 'ਤੇ ਚਿੰਤਾ ਜਤਾਈ ਗਈ ਅਤੇ ਪੁਲਿਸ ਪ੍ਰਸ਼ਾਸਨ ਨੂੰ ਇਸ 'ਤੇ ਨਕੇਲ ਕੱਸਣ ਲਈ ਕਿਹਾ ਗਿਆ | ਨਗਰ ਨਿਗਮ ਵਲੋਂ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕੀਤੀ ਜਾਣ ਵਾਲੀ ਕਾਰਵਾਈ ਦੌਰਾਨ ਕਾਨੂੰਨ ਪਾਲਕ ਵਪਾਰੀਆਂ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਗਈ, ਤਾਂ ਜੋ ਬਾਜ਼ਾਰਾਂ ਵਿਚ ਸਫ਼ਾਈ ਅਤੇ ਵਿਵਸਥਾ ਬਣੀ ਰਹੇ | ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਅਤੇ ਜਿੱਥੇ ਵੀ ਲੋੜ ਪਈ, ਉੱਚ ਪੱਧਰ 'ਤੇ ਵੀ ਮਾਮਲੇ ਉਠਾਏ ਜਾਣਗੇ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਭਵਿੱਖ ਵਿਚ ਵੀ ਲਗਾਤਾਰ ਕੀਤੀਆਂ ਜਾਣਗੀਆਂ, ਤਾਂ ਜੋ ਪ੍ਰਸ਼ਾਸਨ ਅਤੇ ਵਪਾਰੀਆਂ ਵਿਚਕਾਰ ਸਿੱਧਾ ਸੰਪਰਕ ਬਣਿਆ ਰਹੇ ਅਤੇ ਮਸਲਿਆਂ ਦਾ ਸਮੇਂ-ਸਿਰ ਨਿਪਟਾਰਾ ਹੋ ਸਕੇ | ਇਸ ਮੌਕੇ ਜ਼ਿਲ੍ਹਾ ਵਪਾਰ ਕਮਿਸ਼ਨ ਦੇ ਚੇਅਰਮੈਨ ਸੁਖਦੇਵ ਜੋਸਨ, ਹਲਕਾ ਫ਼ਿਰੋਜ਼ਪੁਰ ਸ਼ਹਿਰੀ ਵਪਾਰ ਕਮਿਸ਼ਨ ਦੇ ਚੇਅਰਮੈਨ ਰਜਨੀਸ਼ ਸ਼ਰਮਾ ਸਮੇਤ ਫਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਦੀਆਂ ਐਸੋਸੀਏਸ਼ਨਾਂ ਦੇ ਨੁਮਾਇੰਦੇ ਹਾਜ਼ਰ ਸਨ |