ਫ਼ਿਰੋਜ਼ਪੁਰ, 9 ਮਈ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਵਨੀਤ ਕੁਮਾਰ ਗੋਰਾ ਨੇ ਹਲਕਾ ਇੰਚਾਰਜ ਸੁਖਪਾਲ ਸਿੰਘ ਨੰਨੂ ਸਾਬਕਾ ਮੁੱਖ ਸੰਸਦੀ ਸਕੱਤਰ ਦੀ ਅਗਵਾਈ ਹੇਠ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਪਾਰਟੀ ਦੀ ਮਜ਼ਬੂਤੀ, ਆਗਾਮੀ ਰਾਜਨੀਤਿਕ ਰਣਨੀਤੀਆਂ ਅਤੇ ਸ਼ਹਿਰੀ ਇਕਾਈ ਨੂੰ ਹੋਰ ਸਰਗਰਮ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ | ਮੁਲਾਕਾਤ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਵਨੀਤ ਕੁਮਾਰ ਗੋਰਾ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ 'ਤੇ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਨੂੰ ਨੌਜਵਾਨ ਅਤੇ ਜ਼ਮੀਨੀ ਪੱਧਰ ਨਾਲ ਜੁੜੇ ਆਗੂਆਂ ਤੋਂ ਕਾਫ਼ੀ ਉਮੀਦਾਂ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਪੰਥਕ ਮੁੱਦਿਆਂ ਲਈ ਵਚਨਬੱਧ ਰਹੀ ਹੈ ਅਤੇ ਪਾਰਟੀ ਵਰਕਰਾਂ ਦੀ ਇੱਕਜੁੱਟਤਾ ਹੀ ਇਸ ਦੀ ਸਭ ਤੋਂ ਵੱਡੀ ਤਾਕਤ ਹੈ | ਉਨ੍ਹਾਂ ਨਵਨੀਤ ਗੋਰਾ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਹਿਤ ਮੁੱਦਿਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਪੇ੍ਰਰਨਾ ਦਿੱਤੀ | ਇਸ ਮੌਕੇ ਹਲਕਾ ਇੰਚਾਰਜ ਸੁਖਪਾਲ ਸਿੰਘ ਨੰਨੂ ਨੇ ਕਿਹਾ ਕਿ ਨਵਨੀਤ ਕੁਮਾਰ ਗੋਰਾ ਇਕ ਮਿਹਨਤੀ, ਇਮਾਨਦਾਰ ਅਤੇ ਲੋਕਾਂ ਨਾਲ ਜੁੜੇ ਹੋਏ ਆਗੂ ਹਨ, ਜਿਨ੍ਹਾਂ ਦੀ ਨਿਯੁਕਤੀ ਨਾਲ ਸ਼ਹਿਰੀ ਇਕਾਈ ਨੂੰ ਨਵੀਂ ਦਿਸ਼ਾ ਅਤੇ ਮਜ਼ਬੂਤੀ ਮਿਲੇਗੀ | ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਵਿਚ ਇਸ ਨਿਯੁਕਤੀ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਸ਼੍ਰੋਮਣੀ ਅਕਾਲੀ ਦਲ ਫ਼ਿਰੋਜ਼ਪੁਰ ਵਿਚ ਹੋਰ ਮਜ਼ਬੂਤ ਹੋ ਕੇ ਉੱਭਰੇਗਾ | ਅਕਾਲੀ ਦਲ ਦੇ ਨਵ ਨਿਯੁਕਤ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਵਨੀਤ ਕੁਮਾਰ ਗੋਰਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਮਿਹਨਤ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਵਰਕਰਾਂ ਨੂੰ ਇੱਕਜੁੱਟ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਰਹਿਣਗੇ | ਇਸ ਮੌਕੇ ਉਨ੍ਹਾਂ ਨਾਲ ਆਸ਼ੂ ਕਪਾਹੀ ਸਰਕਲ ਪ੍ਰਧਾਨ ਅਤੇ ਸੀਨੀਅਰ ਯੂਥ ਆਗੂ ਜ਼ੋਰਾਵਰ ਸਿੰਘ ਵੀ ਮੌਜੂਦ ਸਨ |