ਜ਼ੀਰਾ, 9 ਮਈ (ਪ੍ਰਤਾਪ ਸਿੰਘ ਹੀਰਾ)-ਪਿਛਲੀ 22 ਅਪ੍ਰੈਲ ਨੂੰ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਚ ਅਣਪਛਾਤੇ ਵਿਅਕਤੀਆਂ ਵਲੋਂ ਚਲਾਈਆਂ ਗਈਆਂ ਗੋਲੀਆਂ ਕਾਰਨ ਮੌਤ ਦੇ ਮੂੰਹ ਵਿਚ ਜਾ ਪਏ ਪਿੰਡ ਮਲਸੀਆਂ ਕਲਾਂ ਦੇ ਨੌਜਵਾਨ ਗੁਰਪ੍ਰੀਤ ਸਿੰਘ ਸੰਧੂ ਪੁੱਤਰ ਬੋਹੜ ਸਿੰਘ ਦੀ ਮਿ੍ਤਕ ਦੇਹ ਅੱਜ ਉਸ ਦੇ ਜੱਦੀ ਪਿੰਡ ਮਲਸੀਆਂ ਕਲਾਂ ਪਹੁੰਚਣ 'ਤੇ ਪਿੰਡ ਅਤੇ ਇਲਾਕੇ ਵਿਚ ਮਾਤਮ ਪਸਰ ਗਿਆ | ਇਸ ਮੌਕੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ | ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ 9 ਸਾਲ ਪਹਿਲਾਂ ਸੁਨਹਿਰੀ ਭਵਿੱਖ ਦੀ ਭਾਲ ਵਿਚ ਕੈਨੇਡਾ ਗਿਆ ਸੀ, ਪਰ ਬੀਤੇ ਦਿਨੀਂ ਕੁਝ ਅਣਪਛਾਤੇ ਹਮਲਾਵਰਾਂ ਵਲੋਂ ਗੋਲੀ ਮਾਰਨ ਨਾਲ ਉਸ ਦੀ ਮੌਤ ਹੋ ਗਈ ਸੀ | ਕਾਨੂੰਨੀ ਕਾਰਵਾਈਆਂ ਪੂਰੀਆਂ ਹੋਣ ਉਪਰੰਤ ਅੱਜ ਤੜਕੇ ਉਸ ਦੀ ਦੇਹ ਪਿੰਡ ਲਿਆਂਦੀ ਗਈ | ?ਨੌਜਵਾਨ ਦੇ ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਇਲਾਕੇ ਦੀਆਂ ਸਿਆਸੀ ਤੇ ਸਮਾਜਿਕ ਸ਼ਖ਼ਸੀਅਤਾਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੀਆਂ | ਪਿੰਡ ਵਾਸੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਾਪਿਆਂ ਨੇ ਬੜੇ ਚਾਵਾਂ ਨਾਲ ਪੁੱਤ ਨੂੰ ਵਿਦੇਸ਼ ਤੋਰਿਆ ਸੀ, ਪਰ ਪਰਿਵਾਰ ਨੇ ਕਦੇ ਚਿੱਤ ਚੇਤੇ ਵੀ ਸੋਚਿਆ ਵੀ ਨਹੀਂ ਸੀ ਕਿ ਉਹਨਾਂ ਦੇ ਬੇਟੇ ਦੀ ਦੇਹ ਇਸ ਤਰ੍ਹਾਂ ਵਾਪਸ ਆਵੇਗੀ | ਵਰਣਨ ਯੋਗ ਹੈ ਕਿ ਮਿ੍ਤਕ ਨੌਜਵਾਨ ਅਜੇ ਕੁਆਰਾ ਸੀ ਅਤੇ ਪਰਿਵਾਰਿਕ ਮੈਂਬਰ ਉਸ ਦੇ ਵਿਆਹ ਦੀਆਂ ਤਿਆਰੀਆਂ ਕਰ ਰਹੇ ਸਨ | ?ਇਸ ਮੌਕੇ ਪਿੰਡ ਨਿਵਾਸੀਆਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਕਤਲ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਈਆਂ ਜਾਣ | ਨਮ ਅੱਖਾਂ ਨਾਲ ਨੌਜਵਾਨ ਦਾ ਅੰਤਿਮ ਸੰਸਕਾਰ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ |