ਫ਼ਿਰੋਜ਼ਪੁਰ, 12 ਮਈ (ਰਾਕੇਸ਼ ਚਾਵਲਾ)-ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਕੈਂਟ ਦੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਨੇ ਮੁਲਜ਼ਮਾਂ ਕੋਲੋਂ ਕੁੱਲ 50 ਗ੍ਰਾਮ ਹੈਰੋਇਨ, 1 ਲੱਖ 80 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਇਕ ਮੋਟਰਸਾਈਕਲ ਬਰਾਮਦ ਕਰਕੇ ਉਨ੍ਹਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਥਾਣਾ ਕੈਂਟ ਦੇ ਏ. ਐੱਸ. ਆਈ. ਥਾਣੇਦਾਰ ਜਸਬੀਰ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਟੀਮ ਚੁੰਗੀ ਨੰਬਰ 7 ਨੇੜੇ ਗਸ਼ਤ ਕਰ ਰਹੀ ਸੀ, ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਜਗੀ ਪੁੱਤਰ ਜਸਬੀਰ ਸਿੰਘ, ਵਾਸੀ ਖਟੀਕ ਮੰਡੀ ਨਸ਼ਾ ਵੇਚਣ ਦਾ ਆਦੀ ਹੈ ਅਤੇ ਇਸ ਵੇਲੇ ਸ਼ਮਸ਼ਾਨਘਾਟ ਰੋਡ 'ਤੇ ਝਾੜੀਆਂ ਕੋਲ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਸਥਾਨ 'ਤੇ ਛਾਪਾ ਮਾਰ ਕੇ ਜਗੀ ਨੂੰ ਕਾਬੂ ਕੀਤਾ | ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ | ਥਾਣਾ ਕੈਂਟ ਫ਼ਿਰੋਜ਼ਪੁਰ ਦੇ ਹੀ ਏ.ਐੱਸ.ਆਈ ਗੁਰਦੇਵ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਗਸ਼ਤ ਦੌਰਾਨ ਸ਼ਮਸ਼ਾਨਘਾਟ ਵੱਲ ਜਾ ਰਹੀ ਸੀ | ਰਸਤੇ ਵਿਚ ਸੜਕ ਦੇ ਕਿਨਾਰੇ ਬਿਨਾਂ ਨੰਬਰੀ ਬੁਲਟ ਮੋਟਰਸਾਈਕਲ ਸਮੇਤ ਖੜ੍ਹੇ ਦੋ ਨੌਜਵਾਨਾਂ ਨੇ ਪੁਲਿਸ ਨੂੰ ਵੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ | ਪੁਲਿਸ ਕਰਮਚਾਰੀਆਂ ਨੇ ਮੁਸਤੈਦੀ ਨਾਲ ਘੇਰਾਬੰਦੀ ਕਰਕੇ ਦੋਵਾਂ ਨੂੰ ਕਾਬੂ ਕਰ ਲਿਆ | ਫੜੇ ਗਏ ਮੁਲਜ਼ਮਾਂ ਦੀ ਪਛਾਣ ਨਿਰਮਲ ਸਿੰਘ ਉਰਫ਼ ਨਿੰਮ੍ਹਾ ਅਤੇ ਜਸਬੀਰ ਸਿੰਘ ਉਰਫ਼ ਜਿਦੂ ਦੋਵੇਂ ਪੁੱਤਰ ਜਸਵੰਤ ਸਿੰਘ, ਵਾਸੀ ਪਿੰਡ ਕਾਮਲ ਵਾਲਾ ਵਜੋਂ ਹੋਈ ਹੈ | ਪੁਲਿਸ ਵਲੋਂ ਜਦੋਂ ਇਨ੍ਹਾਂ ਦੋਵਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 20 ਗ੍ਰਾਮ ਹੈਰੋਇਨ ਅਤੇ 1 ਲੱਖ 80 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ | ਪੁਲਿਸ ਨੇ ਬਿਨਾਂ ਨੰਬਰ ਵਾਲਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ | ਜਾਂਚ ਅਧਿਕਾਰੀਆਂ ਅਨੁਸਾਰ, ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਇਹ ਨਸ਼ਾ ਕਿੱਥੋਂ ਲਿਆਉਂਦੇ ਸਨ ਅਤੇ ਅੱਗੇ ਕਿਨ੍ਹਾਂ ਨੂੰ ਸਪਲਾਈ ਕਰਨਾ ਸੀ |