ਫ਼ਿਰੋਜ਼ਪੁਰ, 13 ਮਈ (ਸੁਖਵਿੰਦਰ ਸਿੰਘ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਅਧੀਨ ਆਉਂਦੀਆਂ ਨਗਰ ਕੌਂਸਲ ਫ਼ਿਰੋਜ਼ਪੁਰ, ਜ਼ੀਰਾ, ਤਲਵੰਡੀ ਭਾਈ ਅਤੇ ਨਗਰ ਪੰਚਾਇਤ ਮੁੱਦਕੀ ਦੀਆਂ 26 ਨੂੰ ਹੋਣ ਵਾਲੀਆਂ ਚੋਣਾਂ ਲਈ ਪਹਿਲੇ ਦਿਨ ਜ਼ੀਰਾ ਤੋਂ ਪੰਜ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ | ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਕੁੱਲ 76 ਵਾਰਡਾਂ ਵਿਚ 145 ਪੋਲਿੰਗ ਬੂਥ ਬਣਾਏ ਗਏ ਹਨ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਫ਼ਿਰੋਜ਼ਪੁਰ ਵਿਚ 33 ਵਾਰਡ ਤੇ 85 ਪੋਲਿੰਗ ਬੂਥ, ਮੁੱਦਕੀ ਨਗਰ ਪੰਚਾਇਤ ਵਿਚ 13 ਵਾਰਡ ਤੇ 13 ਪੋਲਿੰਗ ਬੂਥ, ਨਗਰ ਕੌਂਸਲ ਤਲਵੰਡੀ ਭਾਈ ਵਿਚ 13 ਵਾਰਡ ਤੇ 16 ਪੋਲਿੰਗ ਬੂਥ, ਨਗਰ ਕੌਂਸਲ ਜ਼ੀਰਾ ਵਿਚ 17 ਵਾਰਡ ਤੇ 31 ਪੋਲਿੰਗ ਬੂਥ ਬਣਾਏ ਗਏ ਹਨ | ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਮਿਤੀ 16 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ | 18 ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ | 19 ਨੂੰ ਉਮੀਦਵਾਰ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ | 26 ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ ਅਤੇ 29 ਨੂੰ ਵੋਟਾਂ ਦੀ ਗਿਣਤੀ ਹੋਵੇਗੀ | ਉਨ੍ਹਾਂ ਸਾਰੇ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ |ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ 128457 ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ ਜਿਨਾਂ ਵਿੱਚੋਂ 61091 ਮਰਦ ਅਤੇ 67360 ਅÏਰਤਾਂ ਜਦਕਿ 6 ਅਦਰ ਵੋਟਰ ਹਨ |