ਫ਼ਿਰੋਜ਼ਪੁਰ, 14 ਮਈ (ਕੁਲਬੀਰ ਸਿੰਘ ਸੋਢੀ)-ਜ਼ਿਲ੍ਹੇ ਅੰਦਰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦੀ ਸਮੀਖਿਆ ਕਰਨ ਅਤੇ ਸਿਹਤ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਪਹੁੰਚਾਉਣ ਦੇ ਮੰਤਵ ਨਾਲ ਸਿਵਲ ਸਰਜਨ ਡਾ. ਮੀਨਾਕਸ਼ੀ ਢੀਂਗਰਾ ਵਲੋਂ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਵੱਖ-ਵੱਖ ਸਿਹਤ ਪ੍ਰੋਗਰਾਮਾਂ, ਮਾਤਰੀ ਅਤੇ ਬਾਲ ਸਿਹਤ ਸੇਵਾਵਾਂ ਅਤੇ ਟੀਕਾਕਰਨ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ | ਡਾ.ਢੀਂਗਰਾ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਸਪਤਾਲਾਂ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ ਅਤੇ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾਈ ਜਾਵੇ | ਉਨ੍ਹਾਂ ਹਸਪਤਾਲਾਂ ਵਿਚ ਸਾਫ-ਸਫਾਈ ਦੇ ਪੁਖ਼ਤਾ ਪ੍ਰਬੰਧ ਰੱਖਣ ਅਤੇ ਸਟਾਫ਼ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਵੀ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ | ਇਸ ਮੌਕੇ ਵੱਖ-ਵੱਖ ਬਲਾਕਾਂ ਤੋਂ ਆਏ ਐੱਸ.ਐੱਮ.ਓਜ਼. ਨੇ ਆਪਣੇ ਅਧੀਨ ਆਉਂਦੇ ਖੇਤਰਾਂ ਦੀਆਂ ਗਤੀਵਿਧੀਆਂ ਅਤੇ ਲੋੜਾਂ ਬਾਰੇ ਸਿਵਲ ਸਰਜਨ ਨੂੰ ਜਾਣੂ ਕਰਵਾਇਆ | ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ ਅਤੇ ਇਸ ਕੰਮ ਵਿਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਡਾ. ਸੁਸ਼ਮਾ ਠੱਕਰ ਸਹਾਇਕ ਸਿਵਲ ਸਰਜਨ, ਡਾ. ਨਵੀਨ ਸੇਠੀ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਮਨਮੀਤ ਸਿੰਘ ਸਕੂਲ ਹੈਲਥ ਮੈਡੀਕਲ ਅਫ਼ਸਰ, ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ ਸਮੇਤ ਵੱਖ-ਵੱਖ ਅਧਿਕਾਰੀ ਮੌਜੂਦ ਸਨ |