ਮੱਖੂ, 20 ਮਈ (ਵਰਿੰਦਰ ਮਨਚੰਦਾ)-ਆਪਣੀਆਂ ਮੰਗਾਂ ਨੂੰ ਲੈ ਕੇ ਕੰਮ ਛੋੜ ਹੜਤਾਲ 'ਤੇ ਡਟੇ ਆ ਰਹੇ ਸਫ਼ਾਈ ਸੇਵਕਾਂ ਦੀ ਹੜਤਾਲ 15ਵੇਂ ਦਿਨ 'ਚ ਦਾਖ਼ਲ ਹੋ ਗਈ ਹੈ, ਜਿਸ ਦੇ ਚੱਲਦਿਆਂ ਸਫ਼ਾਈ ਸੇਵਕ ਯੂਨੀਅਨ ਮੱਖੂ ਦੇ ਪ੍ਰਧਾਨ ਰਾਜੂ ਮੇਟ ਦੀ ਅਗਵਾਈ ਹੇਠ ਸਫ਼ਾਈ ਸੇਵਕਾਂ ਵਲੋਂ ਨਗਰ ਪੰਚਾਇਤ ਮੱਖੂ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਗਿਆ | ਸਫ਼ਾਈ ਸੇਵਕਾਂ ਹੜਤਾਲ ਕੀਤੇ ਜਾਣ ਕਾਰਨ ਸ਼ਹਿਰ 'ਚ ਥਾਂ-ਥਾਂ ਗੰਦਗੀ ਦੇ ਢੇਰ ਲੱਗ ਰਹੇ ਹਨ, ਗਰਮੀ ਦੇ ਮੌਸਮ ਕਾਰਨ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਹੈ, ਪਰ ਸਰਕਾਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਲੈ ਕੇ ਗੰਭੀਰ ਨਹੀਂ ਜਾਪਦੀ | ਯੂਨੀਅਨ ਪ੍ਰਧਾਨ ਰਾਜੂ ਮੇਟ ਨੇ ਮੰਗ ਕੀਤੀ ਕਿ ਸਫ਼ਾਈ ਸੇਵਕਾਂ ਨੂੰ ਕੰਟਰੈਕਟ 'ਤੇ ਭਰਤੀ ਕਰਨ ਦੀ ਪ੍ਰਕਿਰਿਆ ਤੁਰੰਤ ਮੁਕੰਮਲ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ (ਓ.ਪੀ.ਐੱਸ) ਨੂੰ ਤੁਰੰਤ ਬਹਾਲ ਕੀਤਾ ਜਾਵੇ, ਕੰਟਰੈਕਟ ਮੁਲਾਜ਼ਮਾਂ ਦਾ ਬਕਾਇਆ ਈ.ਪੀ.ਐੱਫ ਤੁਰੰਤ ਜਮਾਂ ਕਰਵਾਇਆ ਜਾਵੇ, ਰੈਗੂਲਰ ਮੁਲਾਜ਼ਮਾਂ ਨੂੰ ਡੀ.ਏ ਦੀਆਂ ਪੈਂਡਿੰਗ ਕਿਸ਼ਤਾਂ ਜਾਰੀ ਕੀਤੀਆਂ ਜਾਣ, 2016 ਦੇ ਐਕਟ ਤਹਿਤ 3 ਸਾਲਾ ਪਾਲਿਸੀ ਲਾਗੂ ਕੀਤੀ ਜਾਵੇ ਅਤੇ 10 ਸਾਲਾ ਪਾਲਿਸੀ ਨੂੰ ਤੁਰੰਤ ਰੱਦ ਕੀਤਾ ਜਾਵੇ | ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਸਰਕਾਰ 'ਤੇ ਪ੍ਰਸ਼ਾਸਨ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨਦਾ, ਇਹ ਹੜਤਾਲ ਜਾਰੀ ਰਹੇਗੀ 'ਤੇ ਸ਼ਹਿਰ ਦੀ ਸਫ਼ਾਈ ਵਿਵਸਥਾ ਮੁਕੰਮਲ ਤੌਰ 'ਤੇ ਬੰਦ ਰੱਖੀ ਜਾਵੇਗੀ | ਇਸ ਦੌਰਾਨ ਹੋਣ ਵਾਲੀ ਕਿਸੇ ਵੀ ਪ੍ਰੇਸ਼ਾਨੀ ਲਈ ਪੰਜਾਬ ਸਰਕਾਰ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੋਵੇਗੀ |