ਜ਼ੀਰਾ, 20 ਮਈ (ਪ੍ਰਤਾਪ ਸਿੰਘ ਹੀਰਾ)-ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਦੇ ਉੱਚ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵੱਲ ਪ੍ਰੇਰਿਤ ਕਰਨ 'ਤੇ ਕਿਸਾਨਾਂ ਵਲੋਂ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਕੀਤੀ ਗਈ ਹੈ | ਕਿਸਾਨਾਂ ਦਾ ਹੌਸਲਾ ਵਧਾਉਣ ਅਤੇ ਲੋੜ ਅਨੁਸਾਰ ਜਾਣਕਾਰੀ ਮੁਹੱਈਆ ਕਰਵਾਉਣ ਲਈ ਇਲਾਕੇ ਅੰਦਰ ਚਲਾਈ ਗਈ ਨਿਰੀਖਣ ਮੁਹਿੰਮ ਤਹਿਤ ਸਰਕਲ ਇੰਚਾਰਜ ਸਤਨਾਮ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਖੋਸਾ ਦਲ ਸਿੰਘ ਵਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨ ਰਵਿੰਦਰ ਸਿੰਘ ਪਿੰਡ ਝੀਤਾ ਬਲਾਕ ਜ਼ੀਰਾ ਦੇ ਖੇਤਾਂ ਦਾ ਨਿਰੀਖਣ ਕੀਤਾ ਗਿਆ ਅਤੇ ਝੋਨੇ ਦੀ ਲਵਾਈ ਬਾਰੇ ਗੱਲਬਾਤ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਸਤਨਾਮ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਅਤੇ ਡਾ.ਜਸਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਕਿਹਾ ਕਿ ਸਿੱਧੀ ਬਿਜਾਈ ਨਾਲ ਜਿੱਥੇ ਝੋਨੇ ਦੇ ਝਾੜ 'ਤੇ ਕੋਈ ਅਸਰ ਨਹੀਂ ਪੈਂਦਾ, ਉੱਥੇ ਹੀ ਇਸ ਤਕਨੀਕ ਨਾਲ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਖੇਤੀ ਲਾਗਤਾਂ ਘਟਣ ਕਾਰਨ ਕਿਸਾਨਾਂ ਦਾ ਫ਼ਾਇਦਾ ਹੁੰਦਾ ਹੈ,ਜਿਸ ਕਰਕੇ ਸਿੱਧੀ ਬਿਜਾਈ ਹੇਠ ਰਕਬਾ ਵਧਾਇਆ ਜਾਵੇ ਅਤੇ ਵਧੇਰੇ ਜਾਣਕਾਰੀ ਲਈ ਬਲਾਕ ਖੇਤੀਬਾੜੀ ਦਫ਼ਤਰ ਜ਼ੀਰਾ ਵਿਖੇ ਸੰਪਰਕ ਕੀਤਾ ਜਾਵੇ | ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਬਲਵਿੰਦਰ ਸਿੰਘ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਜਿੱਥੇ ਕਿਸਾਨ ਦਾ ਖਰਚਾ ਘਟਦਾ ਹੈ, ਉੱਥੇ ਝਾੜ ਵਧਦਾ ਹੈ | ਇਸ ਦੌਰਾਨ ਕਿਸਾਨ ਰਵਿੰਦਰ ਸਿੰਘ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਉਸ ਦੀ ਫ਼ਸਲ ਦੇ ਝਾੜ ਨੂੰ ਕੋਈ ਫ਼ਰਕ ਨਹੀਂ ਪਿਆ ਸਗੋਂ ਘੱਟ ਖ਼ਰਚ ਵਿਚ ਫ਼ਸਲ ਦੀ ਬਿਜਾਈ ਹੋਈ ਅਤੇ ਇਸ ਨਾਲ ਸਮਾਂ ਬਹੁਤ ਘੱਟ ਲੱਗਾ ਹੈ ਅਤੇ ਲੇਬਰ ਦੀ ਖਰਚਾ ਵੀ ਘੱਟ ਰਿਹਾ | ਇਸ ਮੌਕੇ ਭੁਪਿੰਦਰ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ, ਡਾ.ਅਮਿੱਤ ਪੁੰਜ, ਡਾ.ਰਜਨੀਸ਼ ਕੁਮਾਰ, ਡਾ.ਸਤਨਾਮ ਸਿੰਘ, ਰਵੀ ਜੂਨੀਅਰ ਟੈਕਨੀਸ਼ੀਅਨ ਆਦਿ ਹਾਜ਼ਰ ਸਨ |