ਫ਼ਿਰੋਜ਼ਪੁਰ, 20 ਮਈ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਨਗਰ ਕੌਂਸਲ ਚੋਣਾਂ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਦੇ ਫ਼ਿਰੋਜ਼ਪੁਰ ਸ਼ਹਿਰੀ ਹਲਕਾ ਇੰਚਾਰਜ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਸੁਖਪਾਲ ਸਿੰਘ ਨੰਨੂ ਵਲੋਂ ਅੱਜ ਵਾਰਡ ਨੰਬਰ 25 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਰੀਤੂ ਧਵਨ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਪਾਰਟੀ ਵਰਕਰਾਂ ਅਤੇ ਇਲਾਕਾ ਵਾਸੀਆਂ ਵਿਚ ਖ਼ਾਸਾ ਉਤਸ਼ਾਹ ਦੇਖਣ ਨੂੰ ਮਿਲਿਆ | ਉਦਘਾਟਨ ਸਮਾਗਮ ਦੌਰਾਨ ਹਾਜ਼ਰ ਵਾਰਡ ਨੰਬਰ 25 ਦੇ ਵੱਡੀ ਗਿਣਤੀ ਵਿਚ ਲੋਕ, ਮਹਿਲਾਵਾਂ, ਨੌਜਵਾਨ 'ਤੇ ਪਾਰਟੀ ਆਗੂਆਂ ਵਲੋਂ ਰੀਤੂ ਧਵਨ ਨੂੰ ਭਾਰੀ ਸਮਰਥਨ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਸੰਬੋਧਨ ਕਰਦਿਆਂ ਸੁਖਪਾਲ ਸਿੰਘ ਨੰਨੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੀ ਭਲਾਈ, ਵਿਕਾਸ ਅਤੇ ਇਲਾਕੇ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਰਹੀ ਹੈ | ਉਨ੍ਹਾਂ ਕਿਹਾ ਕਿ ਪਾਰਟੀ ਨੇ ਹਰ ਸਮੇਂ ਲੋਕਾਂ ਦੀ ਆਵਾਜ਼ ਨੂੰ ਪਹਿਲ ਦਿੱਤੀ ਹੈ ਅਤੇ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿਚ ਵੀ ਅਕਾਲੀ ਦਲ ਨੂੰ ਭਾਰੀ ਸਮਰਥਨ ਮਿਲੇਗਾ | ਨੰਨੂ ਨੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਰੀਤੂ ਧਵਨ ਨੂੰ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਕਾਮਯਾਬ ਬਣਾਉਣ ਤਾਂ ਜੋ ਵਾਰਡ ਦੇ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਕਰਵਾਏ ਜਾ ਸਕਣ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਟੀਮ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਲਈ ਪੂਰੀ ਤਰ੍ਹਾਂ ਤਿਆਰ ਹੈ |