ਫਿਰੋਜ਼ਪੁਰ, 20 ਮਈ (ਸੁਖਵਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵਾਰਡ ਨੰਬਰ 2 ਵਿਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦਵਿੰਦਰ ਸਿੰਘ ਪਹਿਲਵਾਨ ਵਲੋਂ ਚੋਣ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ | ਇਸ ਦੌਰਾਨ ਦਵਿੰਦਰ ਪਹਿਲਵਾਨ ਵਲੋਂ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣ ਕੇ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਭਰੋਸਾ ਦਿੱਤਾ ਜਾ ਰਿਹਾ ਹੈ | ਦਵਿੰਦਰ ਪਹਿਲਵਾਨ ਨੇ ਕਿਹਾ ਕਿ ਵਾਰਡ ਨੰਬਰ 2 ਵਿਚ ਵਿਰੋਧੀ ਪਾਰਟੀਆਂ ਵਲੋਂ ਕੀਤੇ ਗਏ ਵਿਕਾਸ ਦੇ ਦਾਅਵੇ ਪੂਰੀ ਤਰ੍ਹਾਂ ਫੋਕੇ ਸਾਬਤ ਹੋ ਰਹੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ ਕਈ ਸਾਲਾਂ ਦੌਰਾਨ ਵਾਰਡ ਦਾ ਕੋਈ ਯੋਗ ਵਿਕਾਸ ਨਹੀਂ ਕੀਤਾ ਗਿਆ | ਜਿਸ ਕਾਰਨ ਲੋਕ ਅੱਜ ਵੀ ਮੁੱਢਲੀਆਂ ਸਹੂਲਤਾਂ ਲਈ ਤਰਸ ਰਹੇ ਹਨ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੋਕਾਂ ਦੀ ਭਲਾਈ ਅਤੇ ਵਿਕਾਸ ਦੀ ਰਾਜਨੀਤੀ ਕਰਦੀ ਹੈ ਅਤੇ ਜੇਕਰ ਵਾਰਡ ਵਾਸੀ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੰਦੇ ਹਨ ਤਾਂ ਵਾਰਡ ਨੰਬਰ 2 ਨੂੰ ਇਕ ਮਾਡਲ ਵਾਰਡ ਬਣਾਇਆ ਜਾਵੇਗਾ | ਦਵਿੰਦਰ ਪਹਿਲਵਾਨ ਨੇ ਵਾਰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ 26 ਨੂੰ ਕਮਲ ਦੇ ਫੁੱਲ ਵਾਲੇ ਨਿਸ਼ਾਨ 'ਤੇ ਮੋਹਰ ਲਗਾ ਕੇ ਭਾਰਤੀ ਜਨਤਾ ਪਾਰਟੀ ਨੂੰ ਕਾਮਯਾਬ ਬਣਾਇਆ ਜਾਵੇ ਅਤੇ ਵਿਰੋਧੀ ਪਾਰਟੀਆਂ ਦੇ ਝੂਠੇ ਲਾਰਿਆਂ ਨੂੰ ਅਲਵਿਦਾ ਕਿਹਾ ਜਾਵੇ | ਉਨ੍ਹਾਂ ਕਿਹਾ ਕਿ ਵਾਰਡ ਦੇ ਸਰਵਪੱਖੀ ਵਿਕਾਸ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ |