ਫਿਰੋਜ਼ਪੁਰ, 21 ਮਈ (ਸੁਖਵਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵਾਰਡ ਨੰਬਰ 16 ਵਿਚ ਭਾਰਤੀ ਜਨਤਾ ਪਾਰਟੀ ਵਲੋਂ ਚੋਣ ਪ੍ਰਚਾਰ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ | ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਮੋਹਿਤ ਢਲ ਦੇ ਹੱਕ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਖੁਦ ਮੈਦਾਨ ਵਿਚ ਉੱਤਰੇ ਅਤੇ ਬਾਜ਼ਾਰਾਂ ਵਿਚੋਂ ਰੋਡ ਸ਼ੋਅ ਕਰਦੇ ਹੋਏ ਲੋਕਾਂ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਰਾਣਾ ਸੋਢੀ ਨੇ ਦੁਕਾਨਦਾਰਾਂ ਅਤੇ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਭਰੋਸਾ ਦਿੱਤਾ | ਚੋਣ ਪ੍ਰਚਾਰ ਦੌਰਾਨ ਰਾਣਾ ਸੋਢੀ ਮੋਹਿਤ ਢਲ ਵਲੋਂ ਬਣਾਏ ਗਏ ਭਾਰਤੀ ਜਨਤਾ ਪਾਰਟੀ ਦੇ ਚੋਣ ਦਫਤਰ ਵਿਚ ਵੀ ਪਹੁੰਚੇ, ਜਿੱਥੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਚੋਣ ਰਣਨੀਤੀ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬੌਬੀ ਬਾਠ ਵਲੋਂ ਰਾਣਾ ਗੁਰਮੀਤ ਸਿੰਘ ਸੋਢੀ ਦਾ ਮੂੰਹ ਮਿੱਠਾ ਕਰਵਾਇਆ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕ ਹੁਣ ਬਦਲਾਅ ਦੀ ਨੀਤੀ ਚਾਹੁੰਦੇ ਹਨ ਅਤੇ ਵਿਰੋਧੀ ਪਾਰਟੀਆਂ ਦੇ ਲਾਰਿਆਂ ਤੋਂ ਪੂਰੀ ਤਰ੍ਹਾਂ ਜਾਣੂ ਹੋ ਚੁੱਕੇ ਹਨ | ਰਾਣਾ ਸੋਢੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜੋ ਵਿਕਾਸ ਅਤੇ ਲੋਕ ਭਲਾਈ ਦੀ ਰਾਜਨੀਤੀ ਕਰਦੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਮਲ ਦੇ ਫੁੱਲ 'ਤੇ ਮੋਹਰ ਲਗਾ ਕੇ ਭਾਰਤੀ ਜਨਤਾ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇ | ਉਨ੍ਹਾਂ ਕਿਹਾ, Tਤੁਹਾਡੀ ਇਕ ਵੋਟ ਕਮਲ ਨੂੰ ਹੋਰ ਖਿਲਾ ਸਕਦੀ ਹੈ ਅਤੇ ਇਲਾਕੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇ ਸਕਦੀ ਹੈ |Uਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਬਾਜ਼ਾਰਾਂ ਵਿਚ ਭਾਰਤੀ ਜਨਤਾ ਪਾਰਟੀ ਦੇ ਹੱਕ ਵਿਚ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਮੌਕੇ ਉਨਾਂ ਦੇ ਨਾਲ ਭਾਰਤੀ ਜਨਤਾ ਪਾਰਟੀ ਦੇ ਵਰਕਰ ਅਤੇ ਸਮਰਥਕ ਵੱਡੀ ਗਿਣਤੀ ਵਿਚ ਹਾਜ਼ਰ ਹੋਏ |