ਫ਼ਿਰੋਜ਼ਪੁਰ 22 ਮਈ (ਕੁਲਬੀਰ ਸਿੰਘ ਸੋਢੀ)-ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰ ਯੂਨੀਅਨ ਦੇ ਆਗੂਆਂ ਵਲੋਂ ਹੱਕੀ ਮੰਗਾਂ ਸਬੰਧੀ ਮੀਟਿੰਗ ਕੀਤੀ ਗਈ | ਜਿਸ ਪਿੱਛੋਂ ਸਿਵਲ ਸਰਜਨ ਫ਼ਿਰੋਜ਼ਪੁਰ ਨੂੰ ਮੰਗ ਪੱਤਰ ਸੌਂਪਿਆ ਗਿਆ | ਜਥੇਬੰਦੀ ਦੇ ਆਗੂਆਂ ਨੇ ਪ੍ਰਸ਼ਾਸਨ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਦੀ ਪੂਰਤੀ ਲਈ ਜਲਦ ਠੋਸ ਕਦਮ ਨਾਂ ਚੁੱਕੇ ਗਏ ਤਾਂ ਜਥੇਬੰਦੀ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ | ਯੂਨੀਅਨ ਦੇ ਆਗੂ ਕੈਲਾਸ਼ ਕੌਰ, ਕੁਲਵਿੰਦਰ ਕੌਰ, ਸੁਰਜੀਤ ਕੌਰ, ਪਰਮਜੀਤ ਕੌਰ ਅਤੇ ਹੋਰਨਾਂ ਦੀ ਅਗਵਾਈ ਵਿਚ ਇਕੱਠੇ ਹੋਏ ਵਰਕਰਾਂ ਨੇ ਸਿਹਤ ਵਿਭਾਗ ਦੇ ਨਕਾਰਾਤਮਿਕ ਰਵੱਈਏ ਖ਼ਿਲਾਫ਼ ਰੋਸ ਪ੍ਰਗਟਾਇਆ | ਯੂਨੀਅਨ ਦੀ ਮੁੱਖ ਮੰਗ ਹੈ ਕਿ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਦੀਆਂ ਰੁਕੀਆਂ ਹੋਈਆਂ ਤਨਖ਼ਾਹਾਂ ਅਤੇ ਮਾਣ ਭੱਤਾ ਜਲਦ ਜਾਰੀ ਕੀਤਾ ਜਾਵੇ, ਤਾਂ ਕਿ ਆਰਥਿਕ ਮੰਦੀ ਦੇ ਹਾਲਤਾਂ ਤੋਂ ਬਾਹਰ ਆ ਸਕਣ | ਆਗੂਆਂ ਨੇ ਕਿਹਾ ਕਿ ਵਰਕਰਾਂ ਤੋਂ ਸਿਰਫ਼ ਉਨ੍ਹਾਂ ਦੀ ਬਣਦੀ ਦਫ਼ਤਰੀ ਡਿਊਟੀ ਹੀ ਲਈ ਜਾਵੇ | ਸਿਹਤ ਬੀਮਾ ਯੋਜਨਾ ਅਧੀਨ ਬਣਾਏ ਗਏ ਕਾਰਡਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਸਾਫ਼ ਚੇਤਾਵਨੀ ਦਿੱਤੀ ਕਿ ਜੇਕਰ ਵਰਕਰਾਂ ਦੇ ਬਕਾਏ ਦਾ ਭੁਗਤਾਨ ਨਾ ਹੋਇਆ, ਤਾਂ ਅਗਲੇ ਕਾਰਡਾਂ ਦਾ ਕੰਮ ਮੁਕੰਮਲ ਤੌਰ 'ਤੇ ਠੱਪ ਕਰ ਦਿੱਤਾ ਜਾਵੇਗਾ | ਇਸ ਤੋਂ ਇਲਾਵਾ ਏ.ਐਨ.ਐਨ ਦੀਆਂ ਖ਼ਾਲੀ ਅਸਾਮੀਆਂ ਕਾਰਨ ਵਰਕਰਾਂ ਦੀਆਂ ਤਨਖ਼ਾਹਾਂ ਵਿਚ ਹੋ ਰਹੀ ਦੇਰੀ ਨੂੰ ਰੋਕਣ ਲਈ ਬਦਲਵਾਂ ਪ੍ਰਬੰਧ ਕਰਨ ਅਤੇ ਆਸ਼ਾ ਵਰਕਰਾਂ 'ਤੇ ਫੈਸੀਲੀਟੇਟਰਾਂ ਦੀਆਂ ਖ਼ਾਲੀ ਪਈਆਂ ਸਾਰੀਆਂ ਅਸਾਮੀਆਂ ਨੂੰ ਤੁਰੰਤ ਭਰਨ ਦੀ ਮੰਗ ਕੀਤੀ ਗਈ |