ਫ਼ਿਰੋਜ਼ਪੁਰ, 22 ਮਈ (ਕੁਲਬੀਰ ਸਿੰਘ ਸੋਢੀ)-ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਵਲੋਂ ਸ਼ਹਿਰੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਕਰੀਬ 98.42 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਲਈ ਚੈੱਕ ਤਕਸੀਮ ਕੀਤੇ ਗਏ | ਇਸ ਮੌਕੇ ਉਨ੍ਹਾਂ ਵਲੋਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ 28 ਪਿੰਡਾਂ ਵਿਚ ਵਿਕਾਸ ਕਾਰਜਾਂ ਲਈ ਚੈੱਕ ਦਿੱਤੇ ਗਏ ਜਿਨ੍ਹਾਂ ਵਿਚ ਸੜਕਾਂ ਦਾ ਨਿਰਮਾਣ, ਛੱਪੜਾਂ ਨੂੰ ਨਵਿਆਉਣ ਦਾ ਕੰਮ, ਗੰਦੇ ਪਾਣੀ ਦੀ ਨਿਕਾਸੀ ਆਦਿ ਕੰਮ ਸ਼ਾਮਲ ਹਨ | ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੋ ਕੇ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਵਿਚ ਗਲੀਆਂ, ਸੜਕਾਂ ਅਤੇ ਹੋਰ ਸਹੂਲਤਾਂ ਨੂੰ ਸੁਧਾਰਨ ਲਈ ਵੱਖ-ਵੱਖ ਯੋਜਨਾਵਾਂ ਤਹਿਤ ਕੰਮ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਹਲਕੇ ਵਿਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਦਿਲਬਾਗ ਸਿੰਘ ਨੱਢਾ ਚੇਅਰਮੈਨ ਬਲਾਕ ਸੰਮਤੀ, ਨੇਕ ਪ੍ਰਤਾਪ ਸਿੰਘ ਬਾਵਾ, ਰਾਜ ਬਹਾਦਰ ਸਿੰਘ, ਹਰਮੀਤ ਸਿੰਘ ਖਾਈ, ਮਨਪ੍ਰੀਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ |