ਫ਼ਿਰੋਜ਼ਪੁਰ, 22 ਮਈ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਅਕਾਲੀ ਆਗੂ ਦਿਲਬਾਗ ਸਿੰਘ ਵਿਰਕ ਅੱਜ ਫ਼ਿਰੋਜ਼ਪੁਰ ਪਹੁੰਚੇ ਜਿੱਥੇ ਉਨ੍ਹਾਂ ਨੇ ਹਲਕਾ ਇੰਚਾਰਜ ਸੁਖਪਾਲ ਸਿੰਘ ਨੰਨੂ ਅਤੇ ਹੋਰ ਸੀਨੀਅਰ ਆਗੂਆਂ ਨਾਲ ਮਿਲ ਕੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ | ਇਸ ਦੌਰਾਨ ਉਨ੍ਹਾਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ | ਗੱਲਬਾਤ ਕਰਦਿਆਂ ਦਿਲਬਾਗ ਸਿੰਘ ਵਿਰਕ ਨੇ ਕਿਹਾ ਕਿ ਅੱਜ ਸਮੁੱਚਾ ਪੰਜਾਬ ਸਵਰਗੀ ਪ੍ਰਕਾਸ਼ ਸਿੰਘ ਬਾਦਲ ਵਲੋਂ ਕਰਵਾਏ ਗਏ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਨੂੰ ਯਾਦ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੇ ਸਮੇਂ ਦੌਰਾਨ ਪੰਜਾਬ ਵਿਚ ਬੁਨਿਆਦੀ ਢਾਂਚੇ, ਸੜਕਾਂ, ਸਿੱਖਿਆ, ਸਿਹਤ ਅਤੇ ਲੋਕ ਭਲਾਈ ਸਕੀਮਾਂ ਦੇ ਖੇਤਰ ਵਿਚ ਇਤਿਹਾਸਕ ਕੰਮ ਹੋਏ | ਜਦਕਿ ਬਾਅਦ ਵਿਚ ਆਈਆਂ ਸਰਕਾਰਾਂ ਲੋਕਾਂ ਦੀਆਂ ਉਮੀਦਾਂ 'ਤੇ ਖਰੀਆਂ ਨਹੀਂ ਉੱਤਰਿਆਂ | ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਸ਼ਹਿਰ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਉਸਾਰੀ, ਸ਼ਹਿਰ ਅਤੇ ਛਾਉਣੀ ਨੂੰ ਜੋੜਨ ਵਾਲਾ ਓਵਰਬਿ੍ਜ, ਬਸਤੀ ਟੈਂਕਾਂ ਵਾਲੀ ਅੰਡਰ ਬਿ੍ਜ, ਸੀਵਰੇਜ ਅਤੇ ਸਾਫ਼ ਪੀਣ ਵਾਲੇ ਪਾਣੀ ਦੀਆਂ ਯੋਜਨਾਵਾਂ, ਸੀਵਰੇਜ ਟਰੀਟਮੈਂਟ ਪਲਾਂਟ, ਨਵੇਂ ਪਾਰਕ, ਨਗਰ ਕੌਂਸਲ ਦੀ ਇਮਾਰਤ, ਸਿਵਲ ਹਸਪਤਾਲ ਦੀ ਨਵੀਂ ਬਿਲਡਿੰਗ ਅਤੇ ਸਰਕਾਰੀ ਸਕੂਲਾਂ ਵਿਚ ਹੋਸਟਲ ਵਰਗੇ ਅਨੇਕਾਂ ਵਿਕਾਸ ਕਾਰਜ ਅਕਾਲੀ ਸਰਕਾਰ ਦੇ ਸਮੇਂ ਹੀ ਮੁਕੰਮਲ ਹੋਏ | ਇਸ ਤੋਂ ਇਲਾਵਾ ਆਟਾ-ਦਾਲ ਸਕੀਮ, ਬੁਢਾਪਾ ਪੈਨਸ਼ਨ ਅਤੇ ਸ਼ਗਨ ਸਕੀਮ ਵਰਗੀਆਂ ਲੋਕ ਭਲਾਈ ਯੋਜਨਾਵਾਂ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ | ਦਿਲਬਾਗ ਸਿੰਘ ਵਿਰਕ ਨੇ ਦੋਸ਼ ਲਗਾਇਆ ਕਿ ਪਿਛਲੇ ਕੁੱਝ ਸਾਲਾਂ ਦੌਰਾਨ ਸ਼ਹਿਰ ਦੀ ਹਾਲਤ ਕਾਫ਼ੀ ਖ਼ਰਾਬ ਹੋਈ ਹੈ | ਉਨ੍ਹਾਂ ਕਿਹਾ ਕਿ ਟੁੱਟੀਆਂ ਸੜਕਾਂ, ਗੰਦਗੀ ਦੇ ਢੇਰ, ਵਧ ਰਹੀਆਂ ਚੋਰੀਆਂ, ਲੁੱਟਾਂ-ਖੋਹਾਂ ਅਤੇ ਨਸ਼ਿਆਂ ਨੇ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਕੀਤੀ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀ ਹੁਣ ਬਦਲਾਅ ਚਾਹੁੰਦੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਫ਼ਿਰੋਜ਼ਪੁਰ ਦੇ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਦੀ ਬਹਾਲੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਸਮਰਥਨ ਦੇ ਕੇ ਕਾਮਯਾਬ ਬਣਾਇਆ ਜਾਵੇ | ਇਸ ਮੌਕੇ ਉਨ੍ਹਾਂ ਨਾਲ ਰਣਜੀਤ ਸਿੰਘ ਸੰਧੂ, ਬਲਕਾਰ ਸਿੰਘ ਢਿੱਲੋਂ, ਬਲਕਰਨ ਜੀਤ ਸਿੰਘ ਹਾਜੀਵਾਲਾ ਆਦਿ ਆਗੂ ਵੀ ਮੌਜੂਦ ਸਨ |