ਫ਼ਿਰੋਜ਼ਪੁਰ, 23 ਮਈ (ਗੁਰਿੰਦਰ ਸਿੰਘ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦਿਆਂ ਫ਼ਿਰੋਜ਼ਪੁਰ ਪੁਲਿਸ ਨੇ ਹੈਰੋਇਨ ਦੀ ਸਪਲਾਈ ਦੇਣ ਲਈ ਗਾਹਕ ਨੂੰ ਉਡੀਕਦੇ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਸਵਾ ਚਾਰ ਕਿੱਲੋ ਹੈਰੋਇਨ, ਤਿੰਨ ਮੋਬਾਈਲ ਫ਼ੋਨ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ | ਪੈੱ੍ਰਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ Tਯੁੱਧ ਨਸ਼ਿਆਂ ਵਿਰੁੱਧUਮੁਹਿੰਮ ਤਹਿਤ ਜ਼ਿਲ੍ਹੇ ਅੰਦਰ ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਲਗਾਤਾਰ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਰਹੀ ਹੈ | ਇਸੇ ਤਹਿਤ ਸਬ ਇੰਸਪੈਕਟਰ ਗੁਰਮੀਤ ਸਿੰਘ, ਇੰਚਾਰਜ ਸੀ.ਆਈ.ਏ. ਸਟਾਫ਼ ਜ਼ੀਰਾ ਦੀ ਅਗਵਾਈ ਹੇਠ ਪੁਲਿਸ ਟੀਮ 22 ਮਈ ਨੂੰ ਗਸ਼ਤ ਅਤੇ ਚੈਕਿੰਗ ਦੌਰਾਨ ਸਹਾਇਕ ਥਾਣੇਦਾਰ ਬੋਹੜ ਸਿੰਘ ਨੂੰ ਖ਼ਾਸ ਮੁਖ਼ਬਰ ਤੋਂ ਸੂਚਨਾ ਮਿਲੀ ਕਿ ਰਣਜੀਤ ਸਿੰਘ ਰਾਣਾ ਪੁੱਤਰ ਸੁਖਦੇਵ ਸਿੰਘ ਵਾਸੀ ਗਾਮੇਵਾਲਾ ਥਾਣਾ ਮਮਦੋਟ, ਅਰਸ਼ਦੀਪ ਸਿੰਘ ਉਰਫ਼ ਅਰਸ਼ੀ ਪੁੱਤਰ ਨਿਸ਼ਾਨ ਸਿੰਘ ਵਾਸੀ ਗਾਮੇਵਾਲਾ ਥਾਣਾ ਮਮਦੋਟ ਅਤੇ ਆਕਾਸ਼ਦੀਪ ਸਿੰਘ ਉਰਫ਼ ਆਕਾਸ਼ ਪੁੱਤਰ ਸੁੱਖਾ ਸਿੰਘ ਵਾਸੀ ਪਿੰਡ ਆਸਲ ਥਾਣਾ ਸਦਰ ਫ਼ਿਰੋਜ਼ਪੁਰ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਅਤੇ ਹੁਣ ਵੀ ਦਾਣਾ ਮੰਡੀ ਸਿਟੀ ਫ਼ਿਰੋਜ਼ਪੁਰ ਵਿਖੇ ਆਪਣੇ ਮੋਟਰਸਾਈਕਲ 'ਤੇ ਖੜ੍ਹੇ ਗਾਹਕਾਂ ਦੀ ਉਡੀਕ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਮਿਲੀ ਇਤਲਾਹ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮ ਵਲੋਂ ਦਾਣਾ ਮੰਡੀ ਸਿਟੀ ਫ਼ਿਰੋਜ਼ਪੁਰ ਵਿਖੇ ਰੇਡ ਕੀਤੀ ਗਈ, ਜਿੱਥੇ ਉਕਤ ਤਿੰਨਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ | ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿਚੋਂ 4 ਕਿੱਲੋ 254 ਗਰਾਮ ਹੈਰੋਇਨ, ਇਕ ਬਿਨਾ ਨੰਬਰੀ ਸਪਲੈਂਡਰ ਮੋਟਰਸਾਈਕਲ ਅਤੇ ਤਿੰਨ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ, ਜਿਸ ਸਬੰਧੀ ਪੁਲਿਸ ਵਲੋਂ ਦੋਸ਼ੀਆਂ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ | ਪੁੱਛਗਿੱਛ ਦੌਰਾਨ ਹੋਰ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਅਰਸ਼ਦੀਪ ਸਿੰਘ ਉਰਫ਼ ਅਰਸ਼ੀ ਖ਼ਿਲਾਫ਼ 2 ਅਤੇ ਰਣਜੀਤ ਸਿੰਘ ਉਰਫ਼ ਰਾਣਾ ਖ਼ਿਲਾਫ਼ ਐੱਨ.ਡੀ.ਪੀ.ਐੱਸ ਐਕਟ ਤਹਿਤ ਇਕ ਮੁਕੱਦਮਾ ਦਰਜ ਹੈ | ਇਸ ਮੌਕੇ ਉਨ੍ਹਾਂ ਨਾਲ ਐੱਸ.ਪੀ ਡੀ ਮਨਜੀਤ ਸਿੰਘ 'ਤੇ ਸੀ.ਆਈ.ਏ ਜ਼ੀਰਾ ਦੇ ਇੰਚਾਰਜ ਗੁਰਮੀਤ ਸਿੰਘ ਵੀ ਮੌਜੂਦ ਸਨ |