ਗੁਰੂਹਰਸਹਾਏ, 23 ਮਈ (ਕਪਿਲ ਕੰਧਾਰੀ)-ਸਥਾਨਕ ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੀ ਪਿ੍ੰਸੀਪਲ ਡਾ.ਵੰਦਨਾ ਧਵਨ ਨੂੰ ਸਿੱਖਿਆ ਦੇ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਅਤੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਾਪਤੀ ਲਈ ਪ੍ਰੇਰਿਤ ਕਰਨ ਦੇ ਯੋਗਦਾਨ ਸਬੰਧੀ ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਗੁਰੂਹਰਸਹਾਏ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਬੁੜ ਚੰਦ ਬਿੰਦਰਾ, ਸਕੱਤਰ ਮਦਨ ਮੋਹਨ ਕੰਧਾਰੀ, ਅਸ਼ੋਕ ਮੋਂਗਾ, ਵਿਪਨ ਲੋਟਾ, ਮਨੋਜ ਛਾਬੜਾ, ਨਰੇਸ਼ ਮੋਂਗਾ ਵਲੋਂ ਡਾ.ਵੰਦਨਾ ਧਵਨ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ | ਪ੍ਰੀਸ਼ਦ ਦੇ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾ.ਵੰਦਨਾ ਧਵਨ ਦੀ ਰਹਿਨੁਮਾਈ ਹੇਠ ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਕਿਹਾ ਕਿ ਡਾ.ਧਵਨ ਸਿਰਫ਼ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਹੀ ਨਹੀਂ ਦੇ ਰਹੇ, ਸਗੋਂ ਉਨ੍ਹਾਂ ਦੇ ਚਰਿੱਤਰ ਨਿਰਮਾਣ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਵੀ ਜਾਗਰੂਕ ਕਰ ਰਹੇ ਹਨ | ਭਾਰਤ ਵਿਕਾਸ ਪ੍ਰੀਸ਼ਦ ਦੇ ਮੈਂਬਰਾਂ ਨੇ ਕਿਹਾ ਕਿ ਸਮਾਜ ਵਿਚ ਅਜਿਹੇ ਅਧਿਆਪਕਾਂ ਅਤੇ ਸਿੱਖਿਆ ਪ੍ਰਬੰਧਕਾਂ ਦਾ ਸਨਮਾਨ ਕਰਨਾ ਬਹੁਤ ਜ਼ਰੂਰੀ ਹੈ ਜੋ ਨਵੀਂ ਪੀੜ੍ਹੀ ਨੂੰ ਸਹੀ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ | ਇਸ ਮੌਕੇ ਸਕੂਲ ਸਟਾਫ਼ ਅਤੇ ਹੋਰ ਹਾਜ਼ਰ ਸ਼ਖ਼ਸੀਅਤਾਂ ਨੇ ਵੀ ਡਾ.ਵੰਦਨਾ ਧਵਨ ਨੂੰ ਵਧਾਈ ਦਿੱਤੀ | ਇਸ ਮੌਕੇ ਪਿ੍ੰਸੀਪਲ ਡਾ.ਵੰਦਨਾ ਧਵਨ ਨੇ ਸਕੂਲ ਦੀ ਮੈਨੇਜਿੰਗ ਕਮੇਟੀ ਦਾ ਵੀ ਧੰਨਵਾਦ ਕੀਤਾ | ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਦੇ ਨਾਲ ਹੀ ਸਭ ਕੁੱਝ ਸੰਭਵ ਹੋ ਸਕਿਆ ਹੈ |