ਫ਼ਿਰੋਜ਼ਪੁਰ, 23 ਮਈ (ਗੁਰਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਚੋਣ ਪ੍ਰਚਾਰ ਨੂੰ ਪੂਰੀ ਤਰ੍ਹਾਂ ਤੇਜ਼ ਕਰ ਦਿੱਤਾ ਗਿਆ ਹੈ | ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਇੰਚਾਰਜ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਸੁਖਪਾਲ ਸਿੰਘ ਨੰਨੂ ਵਲੋਂ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਦਿਨ-ਰਾਤ ਚੋਣ ਮੁਹਿੰਮ ਚਲਾਈ ਜਾ ਰਹੀ ਹੈ | ਬੀਤੇ ਦਿਨ ਸੁਖਪਾਲ ਸਿੰਘ ਨੰਨੂ ਨੇ ਸੀਨੀਅਰ ਆਗੂਆਂ, ਵਰਕਰਾਂ ਅਤੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਨਾਲ ਮਿਲ ਕੇ ਵਾਰਡ ਨੰਬਰ 20 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਨਿਲ ਕੁਮਾਰ ਜੌਲੀ ਦੇ ਹੱਕ ਵਿਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ | ਇਸ ਦੌਰਾਨ ਉਨ੍ਹਾਂ ਵਾਰਡ ਵਾਸੀਆਂ ਨਾਲ ਰਾਬਤਾ ਕਾਇਮ ਕਰਦਿਆਂ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਕਾਰਜਾਂ ਬਾਰੇ ਜਾਣੂ ਕਰਵਾਇਆ | ਸੁਖਪਾਲ ਸਿੰਘ ਨੰਨੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੀਆਂ ਭਾਵਨਾਵਾਂ ਅਤੇ ਉਮੀਦਾਂ 'ਤੇ ਖਰਾ ਉੱਤਰਿਆ ਹੈ ਅਤੇ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਪਾਰਟੀ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਵਾਰਡ ਨੰਬਰ 20 ਦੇ ਲੋਕਾਂ ਵਿਚ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਅਕਾਲੀ ਦਲ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਦਰਜ ਕਰਨਗੇ | ਉਨ੍ਹਾਂ ਨੇ ਵਾਰਡ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ, ਇਮਾਨਦਾਰੀ ਅਤੇ ਲੋਕ ਸੇਵਾ ਨੂੰ ਧਿਆਨ ਵਿਚ ਰੱਖਦਿਆਂ ਅਨਿਲ ਕੁਮਾਰ ਜੌਲੀ ਨੂੰ ਭਾਰੀ ਗਿਣਤੀ ਵਿਚ ਵੋਟਾਂ ਪਾ ਕੇ ਕਾਮਯਾਬ ਬਣਾਉਣ | ਇਸ ਮੌਕੇ ਬਲਕਾਰ ਸਿੰਘ ਢਿੱਲੋਂ, ਮਨੋਹਰ ਲਾਲ, ਬਲਕਰਨਜੀਤ ਸਿੰਘ ਹਾਜੀਵਾਲਾ ਤੋਂ ਇਲਾਵਾ ਇਲਾਕੇ ਦੇ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿਚ ਸਮਰਥਕ ਵੀ ਮੌਜੂਦ ਸਨ |