ਫ਼ਿਰੋਜ਼ਪੁਰ, 25 ਮਈ (ਗੁਰਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੁਖਪਾਲ ਸਿੰਘ ਨੰਨੂ ਵਲੋਂ ਫ਼ਿਰੋਜ਼ਪੁਰ ਸ਼ਹਿਰ ਦੇ ਵੋਟਰਾਂ ਨੂੰ 26 ਮਈ ਨੂੰ ਹੋਣ ਵਾਲੀ ਵੋਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਲੋਕ ਹਿਤਾਂ ਦੀ ਰਾਜਨੀਤੀ ਕੀਤੀ ਹੈ ਅਤੇ ਪਾਰਟੀ ਦੀ ਨੀਤੀ ਹਮੇਸ਼ਾ ਵਿਕਾਸ, ਭਾਈਚਾਰਕ ਸਾਂਝ ਅਤੇ ਲੋਕ ਸੇਵਾ 'ਤੇ ਆਧਾਰਿਤ ਰਹੀ ਹੈ | ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਦੂਰ-ਅੰਦੇਸ਼ ਸੋਚ ਅਤੇ ਲੋਕ ਪੱਖੀ ਨੀਤੀਆਂ ਕਾਰਨ ਪੰਜਾਬ ਨੇ ਵਿਕਾਸ ਦੇ ਨਵੇਂ ਮਾਪਦੰਡ ਸਥਾਪਿਤ ਕੀਤੇ ਸਨ | ਉਨ੍ਹਾਂ ਨੇ ਹਮੇਸ਼ਾ ਹੀ ਪਿੰਡਾਂ, ਸ਼ਹਿਰਾਂ, ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਰਗ ਦੀ ਭਲਾਈ ਨੂੰ ਪਹਿਲ ਦਿੱਤੀ | ਹੁਣ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੇ ਸਮੇਂ ਸਿਰਫ਼ ਫ਼ਿਰੋਜ਼ਪੁਰ ਹੀ ਨਹੀਂ, ਸਗੋਂ ਸਮੁੱਚੇ ਪੰਜਾਬ ਵਿਚ ਰਿਕਾਰਡ ਤੋੜ ਵਿਕਾਸ ਕਾਰਜ ਹੋਏ ਸਨ | ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ, ਸਿੱਖਿਆ, ਸਿਹਤ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਖੇਤਰ ਵਿਚ ਵੱਡੇ ਪੱਧਰ 'ਤੇ ਕੰਮ ਕਰਵਾਏ ਗਏ | ਇਸ ਦੇ ਨਾਲ ਹੀ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਕਈ ਲੋਕ ਭਲਾਈ ਸਕੀਮਾਂ ਵੀ ਲਾਗੂ ਕੀਤੀਆਂ ਗਈਆਂ ਸਨ | ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਵਨੀਤ ਕੁਮਾਰ ਗੋਰਾ ਨੇ ਕਿਹਾ ਕਿ ਫ਼ਿਰੋਜ਼ਪੁਰ ਦੇ ਲੋਕ ਅੱਜ ਵੀ ਅਕਾਲੀ ਦਲ ਦੇ ਵਿਕਾਸਮਈ ਕਾਰਜਾਂ ਨੂੰ ਯਾਦ ਕਰਦੇ ਹਨ ਅਤੇ ਇਸ ਵਾਰ ਵੀ ਸ਼ਹਿਰ ਵਾਸੀ ਉਨ੍ਹਾਂ ਉਮੀਦਵਾਰਾਂ ਦਾ ਸਾਥ ਦੇਣਗੇ ਜੋ ਲੋਕਾਂ ਦੇ ਦੁੱਖ-ਦਰਦ ਨੂੰ ਸਮਝਦੇ ਹਨ | ਉਨ੍ਹਾਂ ਸ਼ਹਿਰ ਦੇ ਹਰ ਵੋਟਰ ਨੂੰ ਅਪੀਲ ਕੀਤੀ ਕਿ 26 ਮਈ ਨੂੰ ਆਪਣੇ ਇਕ-ਇਕ ਕੀਮਤੀ ਵੋਟ ਦਾ ਇਸਤੇਮਾਲ ਕਰਦੇ ਹੋਏ ਤੱਕੜੀ ਦੇ ਨਿਸ਼ਾਨ 'ਤੇ ਮੋਹਰਾਂ ਲਾ ਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ ਤਾਂ ਜੋ ਫ਼ਿਰੋਜ਼ਪੁਰ ਦੇ ਵਿਕਾਸ ਨੂੰ ਨਵੀਂ ਗਤੀ ਮਿਲ ਸਕੇ |