ਨਗਰ ਕੌਂਸਲ ਚੋਣਾਂ-ਐਸ. ਐਸ. ਪੀ. ਵਲੋਂ ਸਟਰਾਂਗ ਰੂਮ ਦੀ ਸੁਰੱਖਿਆ ਦਾ ਜਾਇਜ਼ਾ
ਅਜੀਤ ਡੈਸਕ
27-05-2026
ਫ਼ਿਰੋਜ਼ਪੁਰ, 26 ਮਈ (ਗੁਰਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਕਰਵਾਉਣ ਲਈ ਫ਼ਿਰੋਜ਼ਪੁਰ ਪੁਲਿਸ ਵਲੋਂ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ | ਇਸੇ ਤਹਿਤ ਐੱਸ.ਐੱਸ.ਪੀ ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਵਲੋਂ ਸਟਰਾਂਗ ਰੂਮ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਦੌਰਾਨ ਉਨ੍ਹਾਂ ਚੋਣ ਡਿਊਟੀ ਨਾਲ ਜੁੜੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ | ਐੱਸ.ਐੱਸ.ਪੀ ਨੇ ਸਟਰਾਂਗ ਰੂਮ ਵਿਖੇ ਕੀਤੇ ਗਏ ਸੁਰੱਖਿਆ ਇੰਤਜ਼ਾਮਾਂ ਦੀ ਜਾਂਚ ਕੀਤੀ ਅਤੇ ਸੀ.ਸੀ.ਟੀ.ਵੀ ਨਿਗਰਾਨੀ, ਪ੍ਰਵੇਸ਼ ਪ੍ਰਣਾਲੀ ਅਤੇ 24 ਘੰਟੇ ਪੁਲਿਸ ਤਾਇਨਾਤੀ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਦਿੱਤੀਆਂ |
ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਨਿਯਮਾਂ ਅਤੇ ਹਦਾਇਤਾਂ ਦੀ ਸਖ਼ਤੀ ਨਾਲ ਪਾਲਨਾ ਕਰਵਾਈ ਜਾਵੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਡਿਊਟੀ 'ਤੇ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਰ ਸਮੇਂ ਚੌਕਸ ਰਹਿਣ, ਅਨੁਸ਼ਾਸਨ ਬਣਾਈ ਰੱਖਣ ਅਤੇ ਪੇਸ਼ੇਵਰਾਨਾ ਰਵੱਈਆ ਅਪਣਾਉਣ ਲਈ ਪ੍ਰੇਰਿਤ ਕੀਤਾ | ਐਸ. ਐਸ. ਪੀ. ਨੇ ਕਿਹਾ ਕਿ ਫ਼ਿਰੋਜ਼ਪੁਰ ਪੁਲਿਸ ਵਲੋਂ ਨਗਰ ਕੌਂਸਲ ਚੋਣਾਂ ਨੂੰ ਨਿਰਪੱਖ, ਸ਼ਾਂਤਮਈ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ |