ਫ਼ਿਰੋਜ਼ਪੁਰ, 26 ਮਈ(ਗੁਰਿੰਦਰ ਸਿੰਘ)-ਨਗਰ ਨਿਗਮ ਚੋਣਾਂ 2026 ਦੌਰਾਨ ਚੋਣ ਡਿਊਟੀ ਨਿਭਾ ਰਹੇ ਮੁਲਾਜ਼ਮਾਂ ਨਾਲ ਐੱਸ.ਡੀ.ਐੱਮ ਫ਼ਿਰੋਜ਼ਪੁਰ-ਕਮ-ਰਿਟਰਨਿੰਗ ਅਫ਼ਸਰ ਵਲੋਂ ਅਪਣਾਏ ਗਏ ਰਵੱਈਏ ਨੂੰ ਲੈ ਕੇ ਸਮੂਹ ਅਧਿਆਪਕ ਜਥੇਬੰਦੀਆਂ ਫ਼ਿਰੋਜ਼ਪੁਰ ਵਲੋਂ ਤਿੱਖਾ ਵਿਰੋਧ ਜਤਾਇਆ ਗਿਆ ਹੈ | ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸਾਂਝੇ ਬਿਆਨ ਵਿਚ ਦੋਸ਼ ਲਗਾਇਆ ਕਿ ਚੋਣ ਡਿਊਟੀ ਦੌਰਾਨ ਮੁਲਾਜ਼ਮਾਂ ਨਾਲ ਸਹਿਯੋਗਾਤਮਕ ਅਤੇ ਮਨੁੱਖੀ ਵਿਵਹਾਰ ਕਰਨ ਦੀ ਬਜਾਏ ਉਨ੍ਹਾਂ ਵਿੱਚ ਡਰ ਅਤੇ ਦਬਾਅ ਦਾ ਮਾਹੌਲ ਬਣਾਇਆ ਗਿਆ | ਆਗੂਆਂ ਨੇ ਕਿਹਾ ਕਿ ਜਿੱਥੇ ਜ਼ਿਲ੍ਹੇ ਦੇ ਹੋਰ ਖੇਤਰਾਂ ਵਿਚ ਚੋਣ ਡਿਊਟੀ ਨਿਭਾ ਰਹੇ ਕਰਮਚਾਰੀਆਂ ਨਾਲ ਸਨਮਾਨਪੂਰਵਕ ਅਤੇ ਸਹਿਯੋਗੀ ਰਵੱਈਆ ਅਪਣਾਇਆ ਜਾ ਰਿਹਾ ਹੈ | ਉਥੇ ਫ਼ਿਰੋਜ਼ਪੁਰ ਸ਼ਹਿਰੀ ਖੇਤਰ ਵਿਚ ਤਾਇਨਾਤ ਮੁਲਾਜ਼ਮਾਂ ਨਾਲ ਗੈਰ-ਸੰਵੇਦਨਸ਼ੀਲ ਅਤੇ ਧਮਕੀ ਭਰੇ ਤਰੀਕੇ ਨਾਲ ਪੇਸ਼ ਆਇਆ ਗਿਆ | ਉਨ੍ਹਾਂ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਗੈਰਹਾਜ਼ਰ ਰਹੇ ਕੁਝ ਕਰਮਚਾਰੀਆਂ ਖ਼ਿਲਾਫ਼ ਪਰਚੇ ਦਰਜ ਕਰਨ ਅਤੇ ਤਨਖ਼ਾਹ ਰੋਕਣ ਸਬੰਧੀ ਪੱਤਰ ਜਾਰੀ ਕੀਤੇ ਗਏ | ਜਿਸ ਨਾਲ ਮੁਲਾਜ਼ਮ ਵਰਗ ਵਿਚ ਰੋਸ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਹੋਈ ਹੈ | ਅਧਿਆਪਕ ਜਥੇਬੰਦੀਆਂ ਨੇ 25 ਮਈ ਨੂੰ ਐਮ.ਐਲ.ਐਮ ਸਕੂਲ ਫ਼ਿਰੋਜ਼ਪੁਰ ਵਿਖੇ ਬਣਾਏ ਗਏ ਡਿਸਪੈਚ ਸੈਂਟਰ ਦੀਆਂ ਵਿਵਸਥਾਵਾਂ 'ਤੇ ਵੀ ਸਵਾਲ ਖੜ੍ਹੇ ਕੀਤੇ | ਆਗੂਆਂ ਮੁਤਾਬਿਕ ਤਪਦੀ ਗਰਮੀ ਦੇ ਬਾਵਜੂਦ ਚੋਣ ਡਿਊਟੀ 'ਤੇ ਤਾਇਨਾਤ ਕਰਮਚਾਰੀਆਂ ਲਈ ਪੀਣ ਵਾਲੇ ਪਾਣੀ, ਬੈਠਣ ਅਤੇ ਖਾਣ-ਪੀਣ ਦੀਆਂ ਬੁਨਿਆਦੀ ਸਹੂਲਤਾਂ ਦਾ ਯੋਗ ਪ੍ਰਬੰਧ ਨਹੀਂ ਕੀਤਾ ਗਿਆ | ਇਸ ਕਾਰਨ ਮੁਲਾਜ਼ਮਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਇਸ ਮੌਕੇ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੇ ਸੁਖਜਿੰਦਰ ਸਿੰਘ ਖ਼ਾਨਪੁਰ, ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਦੇ ਮਲਕੀਤ ਸਿੰਘ ਹਰਾਜ ਅਤੇ ਬਲਰਾਮ ਸ਼ਰਮਾ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਜਗਸੀਰ ਸਿੰਘ ਗਿੱਲ, ਬੀ.ਐੱਡ ਫ਼ਰੰਟ ਪੰਜਾਬ ਦੇ ਪਰਮਜੀਤ ਸਿੰਘ ਪੰਮਾ, 6635 ਈ.ਟੀ.ਟੀ ਅਧਿਆਪਕ ਯੂਨੀਅਨ ਦੇ ਸ਼ਲਿੰਦਰ ਕੰਬੋਜ, ਐੱਸ.ਸੀ./ਬੀ.ਸੀ. ਯੂਨੀਅਨ ਦੇ ਹਰਦੀਪ ਸਿੰਘ ਤੂਰ ਅਤੇ ਕੰਪਿਊਟਰ ਫੈਕਲਟੀ ਐਸੋਸੀਏਸ਼ਨ ਦੇ ਲਖਵਿੰਦਰ ਸਿੰਘ ਸਿਮਕ ਸਮੇਤ ਹੋਰ ਆਗੂਆਂ ਨੇ ਜ਼ਿਲ੍ਹਾ ਚੋਣ ਅਫ਼ਸਰ ਕੋਲੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਸੰਬੰਧਤ ਅਧਿਕਾਰੀ ਦੇ ਰਵੱਈਏ ਬਾਰੇ ਤੁਰੰਤ ਕਾਰਵਾਈ ਕੀਤੀ ਜਾਵੇ | ਜਥੇਬੰਦੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਇਸ ਮਾਮਲੇ ਵਿੱਚ ਸਪਸ਼ਟੀਕਰਨ ਅਤੇ ਸੁਧਾਰਾਤਮਕ ਕਦਮ ਨਾ ਚੁੱਕੇ ਗਏ ਤਾਂ ਹੋਰ ਮੁਲਾਜ਼ਮ ਅਤੇ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਘਰਸ਼ ਦੀ ਰੂਪ-ਰੇਖਾ ਤਿਆਰ ਕਰਕੇ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ |