ਫ਼ਿਰੋਜ਼ਪੁਰ, 27 ਮਈ (ਗੁਰਿੰਦਰ ਸਿੰਘ)-ਨਗਰ ਕੌਂਸਲ ਫ਼ਿਰੋਜ਼ਪੁਰ ਦੀਆਂ ਚੋਣਾਂ ਦੌਰਾਨ ਚੋਣ ਡਿਊਟੀ ਤੋਂ ਗੈਰ ਹਾਜ਼ਰ ਰਹਿਣ ਵਾਲੇ ਕਰੀਬ 70 ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਦੀ ਸਿਫ਼ਾਰਸ਼ ਤੋਂ ਬਾਅਦ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੇ ਫੈਕਲਟੀ ਮੈਂਬਰਾਂ ਦੀ ਭੂਮਿਕਾ ਚਰਚਾ ਦਾ ਕੇਂਦਰ ਬਣ ਗਈ ਹੈ। ਉਪ ਮੰਡਲ ਮੈਜਿਸਟ੍ਰਰੇਟ-ਕਮ-ਰਿਟਰਨਿੰਗ ਅਫ਼ਸਰ ਫ਼ਿਰੋਜ਼ਪੁਰ ਵਲੋਂ ਇਸ ਸਬੰਧੀ ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਨੂੰ ਪੱਤਰ ਭੇਜ ਕੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ ਗੈਰ ਹਾਜ਼ਰ ਰਹਿਣ ਵਾਲਿਆਂ ਵਿਚ ਸਕੂਲੀ ਅਧਿਆਪਕਾਂ ਦੇ ਨਾਲ-ਨਾਲ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੇ ਫੈਕਲਟੀ ਮੈਂਬਰਾਂ (ਪ੍ਰੋਫ਼ੈਸਰਾਂ) ਦੀ ਗਿਣਤੀ ਸਭ ਤੋਂ ਵੱਧ ਦੱਸੀ ਜਾ ਰਹੀ ਹੈ, ਜਿਨ੍ਹਾਂ ਵਲੋਂ ਚੋਣ ਡਿਊਟੀ ਨੂੰ ਹਲਕੇ ਵਿਚ ਲੈਂਦਿਆਂ ਹਾਜ਼ਰੀ ਨਹੀਂ ਭਰੀ ਗਈ। ਉਪ ਮੰਡਲ ਮੈਜਿਸਟ੍ਰਰੇਟ-ਕਮ-ਰਿਟਰਨਿੰਗ ਅਫ਼ਸਰ ਫ਼ਿਰੋਜ਼ਪੁਰ ਵਲੋਂ ਇਸ ਸਬੰਧੀ ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਨੂੰ ਪੱਤਰ ਭੇਜ ਕੇ ਭਾਰਤੀ ਨਿਆਂ ਸਾਹਿਤਾਂ (ਬੀ.ਐੱਨ.ਐੱਸ) ਦੀ ਧਾਰਾ 208, ਪੰਜਾਬ ਰਾਜ ਚੋਣ ਕਮਿਸ਼ਨ ਐਕਟ 1994 ਦੀ ਧਾਰਾ 120 ਅਤੇ ਹੋਰ ਢੁਕਵਿਆਂ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਵੀ ਪੱਤਰ ਭੇਜ ਕੇ ਗੈਰ ਹਾਜ਼ਰ ਕਰਮਚਾਰੀਆਂ ਖ਼ਿਲਾਫ਼ ਵਿਭਾਗੀ ਅਤੇ ਅਨੁਸ਼ਾਸਨੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਪ੍ਰਸ਼ਾਸਨ ਦੇ ਇਸ ਕਦਮ ਤੋਂ ਬਾਅਦ ਚੋਣ ਡਿਊਟੀ ਨੂੰ ਲੈ ਕੇ ਸਰਕਾਰੀ ਕਰਮਚਾਰੀਆਂ ਵਿਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ। ਇਸ ਸਬੰਧੀ ਜਦੋਂ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸੁਰੇਸ਼ ਸ਼ਰਮਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਚੋਣ ਡਿਊਟੀ ਲੋਕਤੰਤਰਿਕ ਪ੍ਰਕਿਰਿਆ ਦਾ ਸਭ ਤੋਂ ਅਹਿਮ ਅਤੇ ਸੰਵੇਦਨਸ਼ੀਲ ਫ਼ਰਜ਼ ਹੈ, ਜਿਸ ਨੂੰ ਹਰ ਅਧਿਕਾਰੀ ਅਤੇ ਕਰਮਚਾਰੀ ਵਲੋਂ ਪੂਰੀ ਜ਼ਿੰਮੇਵਾਰੀ ਨਾਲ ਨਿਭਾਇਆ ਜਾਣਾ ਚਾਹੀਦਾ ਹੈ। ਜੇਕਰ ਯੂਨੀਵਰਸਿਟੀ ਦੇ ਕਿਸੇ ਫੈਕਲਟੀ ਮੈਂਬਰ ਵਲੋਂ ਚੋਣ ਡਿਊਟੀ ਵਿਚ ਅਣਗਹਿਲੀ ਵਰਤੀ ਗਈ ਹੈ ਤਾਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਵਾਈ ਜਾਵੇਗੀ।