ਫਿਰੋਜ਼ਪੁਰ, 27 ਮਈ(ਸੁਖਵਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 26 ਮਈ ਨੂੰ ਫਿਰੋਜ਼ਪੁਰ ਜ਼ਿਲ੍ਹੇ ਦੀਆਂ ਨਗਰ ਕੌਂਸਲ ਫਿਰੋਜ਼ਪੁਰ, ਜ਼ੀਰਾ ਅਤੇ ਨਗਰ ਕੌਂਸਲ ਤਲਵੰਡੀ ਭਾਈ ਦੀਆਂ ਵੋਟਾਂ ਕਰਵਾਈਆਂ ਗਈਆਂ ਸਨ ਅਤੇ ਇਨ੍ਹਾਂ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ। ਜ਼ਿਲ੍ਹਾ ਚੋਣਕਾਰ ਅਫਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 29 ਮਈ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਫਿਰੋਜ਼ਪੁਰ ਜ਼ਿਲ੍ਹੇ ਵਿਚ 2 ਗਿਣਤੀ ਕੇਂਦਰ ਬਣਾਏ ਗਏ ਹਨ। ਜਿਸ ਤਹਿਤ ਨਗਰ ਕੌਂਸਲ ਫਿਰੋਜ਼ਪੁਰ ਅਤੇ ਨਗਰ ਕੌਂਸਲ ਤਲਵੰਡੀ ਭਾਈ ਦੀਆਂ ਵੋਟਾਂ ਦੀ ਗਿਣਤੀ ਐਮ.ਐਲ.ਐਮ ਸੀਨੀਅਰ ਸਕੈਂਡਰੀ ਸਕੂਲ ਫਿਰੋਜ਼ਪੁਰ ਛਾਉਣੀ ਵਿਖੇ ਹੋਵੇਗੀ ਅਤੇ ਨਗਰ ਕੌਂਸਲ ਜ਼ੀਰਾ ਦੀਆਂ ਵੋਟਾਂ ਦੀ ਗਿਣਤੀ ਕਮਿਊਨਿਟੀ ਹਾਲ, ਬੀ.ਡੀ.ਪੀ.�. ਦਫਤਰ ਜ਼ੀਰਾ ਵਿਖੇ ਹੋਵੇਗੀ। ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਪਹਿਲਾਂ ਤੋਂ ਹੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਤਾਂ ਜੋ ਵੋਟਾਂ ਦੀ ਗਿਣਤੀ ਦੇ ਇਸ ਕੰਮ ਨੂੰ ਪੂਰੇ ਸਹੀ ਢੰਗ ਨਾਲ ਮੁਕੰਮਲ ਕੀਤਾ ਜਾ ਸਕੇ।