ਫਿਰੋਜ਼ਪੁਰ, 29 ਮਈ (ਸੁਖਵਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਦੌਰਾਨ ਵਾਰਡ ਨੰਬਰ 1 ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਸੀਤਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 226 ਵੋਟਾਂ ਦੇ ਫ਼ਰਕ ਨਾਲ ਜਿੱਤ ਦਰਜ ਕੀਤੀ | ਜਿੱਤ ਦੀ ਖ਼ਬਰ ਮਿਲਦੇ ਹੀ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਅਤੇ ਵਰਕਰਾਂ ਵਲੋਂ ਢੋਲ-ਨਗਾੜਿਆਂ ਨਾਲ ਜਸ਼ਨ ਮਨਾਇਆ ਗਿਆ | ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਆਗੂ ਅਨੂਮੀਤ ਹੀਰਾ ਸੋਢੀ ਵਲੋਂ ਭਾਰਤੀ ਜਨਤਾ ਪਾਰਟੀ ਦੇ ਜੇਤੂ ਉਮੀਦਵਾਰ ਸੀਤਾ ਨੂੰ ਗਲ ਦੇ ਵਿਚ ਹਾਰ ਪਾ ਕੇ ਵਧਾਈ ਦਿੱਤੀ ਗਈ | ਗੱਲਬਾਤ ਕਰਦਿਆਂ ਸੀਤਾ ਨੇ ਦੱਸਿਆ ਕਿ ਉਹ ਆਪਣੀ ਜਿੱਤ ਦਾ ਸਿਹਰਾ ਵਾਰਡ ਦੇ ਲੋਕਾਂ ਦੇ ਭਰੋਸੇ ਅਤੇ ਪਾਰਟੀ ਵਰਕਰਾਂ ਦੀ ਮਿਹਨਤ ਨੂੰ ਦਿੱਤਾ | ਉਨ੍ਹਾਂ ਕਿਹਾ ਕਿ ਵਾਰਡ ਦੇ ਵਿਕਾਸ, ਸਫ਼ਾਈ, ਪੀਣ ਵਾਲੇ ਪਾਣੀ ਅਤੇ ਹੋਰ ਮੁੱਢਲੀਆਂ ਸਹੂਲਤਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ | ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਵੀ ਇਸ ਜਿੱਤ ਨੂੰ ਲੋਕਾਂ ਦੇ ਭਰੋਸੇ ਦੀ ਜਿੱਤ ਕਰਾਰ ਦਿੰਦਿਆਂ ਕਿਹਾ ਕਿ ਪਾਰਟੀ ਹਮੇਸ਼ਾ ਲੋਕ ਹਿਤਾਂ ਲਈ ਕੰਮ ਕਰਦੀ ਰਹੇਗੀ | ਵਾਰਡ ਵਿਚ ਜਿੱਤ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਸਮਰਥਕਾਂ ਵਲੋਂ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਗਈ |