ਫ਼ਿਰੋਜ਼ਪੁਰ, 30 ਮਈ(ਗੁਰਿੰਦਰ ਸਿੰਘ)-ਪੰਜਾਬ ਸਰਕਾਰ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੇ 224 ਅੱਪਰ ਪ੍ਰਾਇਮਰੀ ਸਕੂਲਾਂ ਵਿਚ ਕਰਵਾਈ ਗਈ ਮੈਗਾ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ) ਦੌਰਾਨ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਮੌਕੇ ਮਾਪਿਆਂ ਨੇ ਵੱਡੀ ਗਿਣਤੀ ਵਿਚ ਸਕੂਲਾਂ ਵਿਚ ਪਹੁੰਚ ਕੇ ਆਪਣੇ ਬੱਚਿਆਂ ਦੀ ਪੜ੍ਹਾਈ, ਹਾਜ਼ਰੀ ਅਤੇ ਸਮੁੱਚੇ ਵਿਕਾਸ ਸਬੰਧੀ ਜਾਣਕਾਰੀ ਹਾਸਲ ਕੀਤੀ | ਮੈਗਾ ਪੀ.ਟੀ.ਐਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੁਨੀਲਾ ਅਰੋੜਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਸੇਠਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁਕਨਾਂ ਬੇਗੂ ਅਤੇ ਸਰਕਾਰੀ ਮਿਡਲ ਸਕੂਲ ਪਟੇਲ ਨਗਰ ਦਾ ਦੌਰਾ ਕੀਤਾ | ਇਸੇ ਤਰ੍ਹਾਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਨੇ ਸਰਕਾਰੀ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਬੁੱਕਣ ਖਾਂ ਅਤੇ ਸਰਕਾਰੀ ਹਾਈ ਸਕੂਲ ਝੋਕ ਹਰੀਹਰ ਦਾ ਨਿਰੀਖਣ ਕੀਤਾ | ਦੌਰੇ ਦੌਰਾਨ ਸਿੱਖਿਆ ਅਧਿਕਾਰੀਆਂ ਨੇ ਸਕੂਲਾਂ ਵਿਚ ਚੱਲ ਰਹੀਆਂ ਵਿੱਦਿਅਕ ਗਤੀਵਿਧੀਆਂ, ਵਿਦਿਆਰਥੀਆਂ ਦੀ ਹਾਜ਼ਰੀ, ਸਿੱਖਣ-ਸਿਖਾਉਣ ਦੇ ਮਾਹੌਲ ਅਤੇ ਪੀ.ਟੀ.ਐਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਮਾਪਿਆਂ ਨਾਲ ਰੂਬਰੂ ਹੋ ਕੇ ਵਿਦਿਆਰਥੀਆਂ ਦੀ ਅਕਾਦਮਿਕ ਪ੍ਰਗਤੀ, ਅਨੁਸ਼ਾਸਨ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਵੀ ਕੀਤਾ | ਮਾਪਿਆਂ ਨੇ ਸਕੂਲਾਂ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ | ਇਸ ਮੌਕੇ ਡੀ.ਈ.ਓ ਮੁਨੀਲਾ ਅਰੋੜਾ ਨੇ ਕਿਹਾ ਕਿ ਮੈਗਾ ਪੀ.ਟੀ.ਐਮ ਦਾ ਮੁੱਖ ਮਕਸਦ ਸਕੂਲ, ਅਧਿਆਪਕ ਅਤੇ ਮਾਪਿਆਂ ਵਿਚਕਾਰ ਮਜ਼ਬੂਤ ਤਾਲਮੇਲ ਸਥਾਪਿਤ ਕਰਨਾ ਹੈ | ਉਨ੍ਹਾਂ ਕਿਹਾ ਕਿ ਮਾਪਿਆਂ ਦੀ ਸਰਗਰਮ ਭਾਗੀਦਾਰੀ ਨਾਲ ਵਿਦਿਆਰਥੀਆਂ ਦੇ ਨਤੀਜਿਆਂ, ਵਿਵਹਾਰ ਅਤੇ ਸਰਵਪੱਖੀ ਵਿਕਾਸ ਵਿਚ ਮਹੱਤਵਪੂਰਨ ਸੁਧਾਰ ਆਉਂਦਾ ਹੈ | ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿਚ ਗੁਣਵੱਤਾ ਵਧਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ ਅਤੇ ਮੈਗਾ ਪੀ.ਟੀ.ਐਮ ਵਰਗੇ ਪ੍ਰੋਗਰਾਮ ਮਾਪਿਆਂ ਨੂੰ ਸਕੂਲਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ | ਇਸ ਮੌਕੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਅਤੇ ਪੰਜਾਬ ਨੂੰ ਸਿੱਖਿਆ ਖੇਤਰ ਵਿਚ ਮੋਹਰੀ ਬਣਾਉਣ ਲਈ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਨੂੰ ਵਿਸ਼ੇਸ਼ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਸਮਾਗਮ ਦੌਰਾਨ ਪਿ੍ੰਸੀਪਲ ਹਰਫੂਲ ਸਿੰਘ, ਦਿਨੇਸ਼ ਚੌਹਾਨ, ਅਰਸ਼ਦੀਪ ਸਿੰਘ, ਅਸ਼ਬੀਰ ਸਿੰਘ, ਹਰਵਿੰਦਰ ਸਿੰਘ, ਸੰਗੀਤਾ, ਹਿਰਦੇ ਨੰਦ, ਸੁਮਿਤ ਕੁਮਾਰ, ਪੂਨਮ ਰਾਣੀ, ਕਵਿਤਾ ਕੰਬੋਜ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ, ਮਾਪੇ ਅਤੇ ਵਿਦਿਆਰਥੀ ਹਾਜ਼ਰ ਸਨ |